ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਗਈ ਜਿੱਥੇ ਉਨ੍ਹਾਂ ਆਮ ਲੋਕਾਂ ਦੀ ਸਹੂਲਤ ਲਈ ਸਾਰੇ ਪੱਖਾਂ ਨੂੰ ਜਾਂਚਿਆ ਅਤੇ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪੰਚਾਲ ਅਚਾਨਕ ਅੱਜ ਦੁਪਹਿਰ ਕਰੀਬ 2 ਵਜੇ ਸੁਵਿਧਾ ਕੇਂਦਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਆਮ ਜਨਤਾ ਦੀ ਸਹੂਲਤ ਲਈ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ ਲਈ ਲੱਗੇ ਕਾਊਂਟਰਾਂ ਦੀ ਜਾਂਚ ਕੀਤੀ। ਉਨ੍ਹਾ ਸੁਵਿਧਾ ਕੇਂਦਰ ਵਿੱਚ ਆਪਣਾ ਕੰਮ ਕਰਵਾਉਣ ਲਈ ਆਏ ਲੋਕਾਂ ਤੋਂ ਵੀ ਫੀਡਬੈਕ ਲਿਆ।
ਉਨ੍ਹਾਂ ਸੇਵਾ ਕੇਂਦਰ ਦੇ ਇੰਚਾਰਜ ਨੂੰ ਹਦਾਇਤ ਕੀਤੀ ਕਿ ਆਮ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ ਅਤੇ ਬੇਨਿਯਮੀ ਜਾਂ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਆਪਣਾ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਨੂੰ ਬੈਠਣ ਲਈ ਕੁਰਸੀਆਂ, ਪੱਖੇ ਅਤੇ ਪੀਣ ਵਾਲੇ ਪਾਣੀ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿ ਸੂਬੇ ਵਿੱਚ ‘ਆਮ ਆਦਮੀ ਪਾਰਟੀ’ ਦੀ ਸਰਕਾਰ ਵੱਲੋਂ ਜਾਰੀ ਹਦਾਇਤਾਂ ਤਹਿਤ ਪ੍ਰਸ਼ਾਸ਼ਨ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ/ਕਰਮਚਾਰੀ ਆਮ ਲੋਕਾਂ ਪਾਸੋਂ ਕੰਮ ਕਰਵਾਉਣ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਤਹਿਤ ਜਾਰੀ ਵਟਸਐਪ ਨੰਬਰ 95012-00200 ‘ਤੇ ਵੀਡੀਓ/ਆਡੀਓ ਕਲਿੱਪ ਪਾ ਕੇ ਸ਼ਿਕਾਇਤ ਕੀਤੀ ਜਾ ਸਕਦੀ ਹੈ।