– ਆੜ੍ਹਤੀਆ ਐਸੋਸੀਏਸ਼ਨ ਦੇ ਮੈਂਬਰਾਂ, ਐਫ.ਸੀ.ਆਈ. ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
– ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਵੇਗੀ ਕਣਕ ਦੀ ਖਰੀਦ
ਲੁਧਿਆਣਾ : ਕਣਕ ਦੀ ਸੁਚਾਰੂ, ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵੱਖ-ਵੱਖ ਆੜ੍ਹਤੀਆਂ ਐਸੋਸੀਏਸ਼ਨਾਂ, ਫੂਡ ਕਾਰਪੋਰੇਸ਼ਨ ਆਫ ਇੰਡੀਆ (ਐਫ.ਸੀ.ਆਈ.) ਅਤੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ।
ਮੀਟਿੰਗਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੀਜ਼ਨ ਦੌਰਾਨ ਕਣਕ ਦੀ ਖਰੀਦ ਅਤੇ ਲਿਫਟਿੰਗ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਨੇ ਦੱਸਿਆ ਕਿ ਕਣਕ ਦੀ ਖਰੀਦ 1 ਅਪ੍ਰੈਲ 2024 ਤੋਂ ਸ਼ੁਰੂ ਹੋ ਜਾਵੇਗੀ ਅਤੇ ਇਸ ਸਬੰਧੀ ਸਾਰੇ ਲੋੜੀਂਦੇ ਅਗੇਤੇ ਪ੍ਰਬੰਧ ਕਰ ਲਏ ਗਏ ਹਨ ਤਾਂ ਜੋ ਕਿਸਾਨਾਂ ਨੂੰ ਜ਼ਮੀਨੀ ਪੱਧਰ ‘ਤੇ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੀਟਿੰਗ ਦੌਰਾਨ, ਐਸ.ਡੀ.ਐਮ. ਵਿਕਾਸ ਹੀਰਾ, ਡੀ.ਐਫ.ਐਸ.ਸੀ. (ਲੁਧਿਆਣਾ ਪੂਰਬੀ) ਸ਼ੈਫਾਲੀ ਚੋਪੜਾ, ਡੀ.ਐਫ.ਐਸ.ਸੀ. (ਲੁਧਿਆਣਾ ਪੱਛਮੀ) ਸੰਜੇ ਚੋਪੜਾ, ਡਿਵੀਜ਼ਨਲ ਮੈਨੇਜਰ ਐਫ.ਸੀ.ਆਈ., ਐਮ.ਐਨੀ ਮੀਨਾ, ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ ਸੁਧੀਰ ਕੁਮਾਰ, }ਲ੍ਹਾ ਮੈਨੇਜਰ ਪਨਸਪ ਅਨੰਤ ਸ਼ਰਮਾ, ਜ਼ਿਲ੍ਹਾ ਮੈਨੇਜਰ ਪੀ.ਐਸ.ਡਬਲਿਊ.ਸੀ. ਸੁਖਵਿੰਦਰ ਸਿੰਘ, ਜ਼ਿਲ੍ਹਾ ਮੰਡੀ ਅਫ਼ਸਰ ਗੁਰਮਤ ਪਾਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਪ੍ਰਕਾਸ਼ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਮੀਟਿੰਗ ਵਿੱਚ ਖੰਨਾ (ਏਸ਼ੀਆ ਦੀ ਸਭ ਤੋਂ ਵੱਡੀ ਮੰਡੀ), ਜਗਰਾਉਂ, ਸਾਹਨੇਵਾਲ, ਮਾਛੀਵਾੜਾ, ਰਾਏਕੋਟ, ਮੁੱਲਾਂਪੁਰ, ਦੋਰਾਹਾ ਸਮੇਤ ਹੋਰ ਇਲਾਕਿਆਂ ਦੇ ਆੜ੍ਹਤੀਆਂ ਨੇ ਸ਼ਮੂਲੀਅਤ ਕੀਤੀ। ਖਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਆੜ੍ਹਤੀਆ ਐਸੋਸੀਏਸ਼ਨ ਦੇ ਮੈਂਬਰਾਂ ਤੋਂ ਸੁਝਾਅ ਵੀ ਮੰਗੇ ਗਏ।
ਅਧਿਕਾਰੀਆਂ ਨੇ ਦੱਸਿਆ ਕਿ ਇਸ ਸੀਜ਼ਨ ਵਿੱਚ ਜ਼ਿਲ੍ਹੇ ਦੀਆਂ 109 ਅਨਾਜ ਮੰਡੀਆਂ (ਮੰਡੀਆਂ) ਵਿੱਚ ਕਰੀਬ 8.13 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਣ ਦੀ ਸੰਭਾਵਨਾ ਹੈ।
ਡਿਪਟੀ ਕਮਿਸ਼ਨਰ ਸਾਹਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਣਕ ਦੀ ਫ਼ਸਲ ਦੇ ਇੱਕ-ਇੱਕ ਦਾਣੇ ਦੀ ਖਰੀਦ ਜ਼ਮੀਨੀ ਪੱਧਰ ‘ਤੇ ਬਿਨਾਂ ਕਿਸੇ ਦੇਰੀ ਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਕਣਕ ਦੇ ਖਰੀਦ ਕਾਰਜਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ ਤਾਂ ਜੋ ਖਰੀਦ ਦੇ ਨਿਰਧਾਰਤ ਹਿੱਸੇ ਅਨੁਸਾਰ ਕਣਕ ਦੀ ਤੁਰੰਤ ਅਤੇ ਨਿਰਵਿਘਨ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਸਾਹਨੀ ਨੇ ਅਧਿਕਾਰੀਆਂ ਨੂੰ ਹਰੇਕ ਖਰੀਦ ਕੇਂਦਰ ਵਿੱਚ ਕਣਕ ਦੀ ਗੁਣਵੱਤਾ ਦੀ ਨਿਗਰਾਨੀ ਕਰਨ ਲਈ ਬਿਜਲੀ, ਕਿਸਾਨਾਂ ਲਈ ਸ਼ੈੱਡ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਉਪਕਰਨਾਂ ਦਾ ਲੋੜੀਂਦਾ ਪ੍ਰਬੰਧ ਕਰਨ ਦੇ ਵੀ ਨਿਰਦੇਸ਼ ਦਿੱਤੇ।
(ਸਬ-ਹੈਡ) – ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਈਨਾਂ ਦੀ ਵਰਤੋਂ ਦੀ ਇਜਾਜ਼ਤ ਨਹੀਂ ਹੈ:
ਕਿਸੇ ਵੀ ਅਣਸੁਖਾਵੀਂ ਘਟਨਾ ਅਤੇ ਫ਼ਸਲ ਦੇ ਨੁਕਸਾਨ ਤੋਂ ਬਚਣ ਲਈ ਡਿਪਟੀ ਕਮਿਸ਼ਨਰ ਸਾਹਨੀ ਨੇ ਹੁਕਮ ਜਾਰੀ ਕੀਤੇ ਹਨ ਕਿ ਕਣਕ ਦੀ ਵਾਢੀ ਦੇ ਸੀਜ਼ਨ ਦੌਰਾਨ ਖੇਤਾਂ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਈਨ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਕੰਬਾਈਨਾਂ ਦੀ ਵਰਤੋਂ ਸਵੇਰੇ 7 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤੀ ਜਾ ਸਕਦੀ ਹੈ। ਇਹ ਹੁਕਮ 1973 ਦੇ ਕ੍ਰਿਮੀਨਲ ਪ੍ਰੋਸੀਜਰ ਕੋਡ (ਸੀ.ਆਰ.ਪੀ.ਸੀ.) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਾਰੀ ਕੀਤੇ ਗਏ ਹਨ।
ਇਸ ਤੋਂ ਇਲਾਵਾ ਕੰਬਾਈਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਖੇਤਾਂ ਵਿੱਚ ਹਾਰਵੈਸਟਰ ਕੰਬਾਈਨਾਂ ਦੀ ਵਰਤੋਂ ਕਰਨ ਤੋਂ ਪਹਿਲਾਂ ਉਹ ਇਸਦੀ ਖੇਤੀਬਾੜੀ ਵਿਭਾਗ ਤੋਂ ਜਾਂਚ ਕਰਵਾਉਣ ਅਤੇ ਸੁਪਰ ਐਸ.ਐਮ.ਐਸ. (ਸਟਰਾਅ ਮੈਨੇਜਮੈਂਟ ਸਿਸਟਮ) ਤੋਂ ਬਿਨਾਂ ਕੋਈ ਵੀ ਕੰਬਾਈਨ ਹਾਰਵੈਸਟਰ ਦੀ ਵਰਤੋਂ ਨਾ ਕੀਤੀ ਜਾਵੇ।
(ਸਬ-ਹੈਡ) ਫਾਇਰ ਕੰਟਰੋਲ ਰੂਮ ਸਥਾਪਿਤ :
ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਅਤੇ ਖੇਤਾਂ ਵਿੱਚ ਅੱਗ ਲੱਗਣ ਦੀ ਘਟਨਾ ਦੀ ਸੂਚਨਾ ਮਿਲਣ ‘ਤੇ ਨੁਕਸਾਨ ਨੂੰ ਰੋਕਣ ਲਈ, ਪ੍ਰਸ਼ਾਸਨ ਨੇ ਜ਼ਿਲ੍ਹੇ ਵਿੱਚ ਫਾਇਰ ਕੰਟਰੋਲ ਰੂਮ ਸਥਾਪਤ ਕੀਤੇ ਹਨ। ਫਾਇਰ ਹੈਲਪਲਾਈਨ ਨੰਬਰ ਇਸ ਪ੍ਰਕਾਰ ਹਨ :
ਦਫ਼ਤਰ ਡਿਪਟੀ ਕਮਿਸ਼ਨਰ ਲੁਧਿਆਣਾ : 0161-2433100
ਐਸ.ਡੀ.ਐਮ. ਪੱਛਮੀ : 96460-08771
ਐਸ.ਡੀ.ਐਮ. ਪੂਰਬੀ : 0161-2400150
ਐਸ.ਡੀ.ਐਮ. ਸਮਰਾਲਾ: 01628-262100
ਐਸ.ਡੀ.ਐਮ. ਖੰਨਾ: 01628-221343
ਐਸ.ਡੀ.ਐਮ. ਰਾਏਕੋਟ : 99149-48223
ਐਸ.ਡੀ.ਐਮ. ਪਾਇਲ: 01628-271045
ਐਸ.ਡੀ.ਐਮ. ਜਗਰਾਉਂ: 01624-223230