ਚੰਡੀਗੜ੍ਹ : ਪੰਜਾਬ ਸਰਕਾਰ ਨੇ ਸਮੂਹ ਨਗਰ ਸੁਧਾਰ ਟਰੱਸਟ ਭੰਗ ਕਰ ਦਿੱਤੇ ਹਨ। ਨਵੇਂ ਹੁਕਮਾਂ ਅਨੁਸਾਰ ਨਗਰ ਸੁਧਾਰ ਟਰੱਸਟ ਦਾ ਚਾਰਜ ਹੁਣ ਡੀਸੀਜ਼ ਨੂੰ ਦੇ ਦਿੱਤਾ ਗਿਆ ਹੈ। ਜਲੰਧਰ ਤੇ ਲੁਧਿਆਣਾ ਦੇ ਡੀਸੀ ਨੂੰ ਹੁਕਮ ਜਾਰੀ ਹੋ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ‘ਚ ਲੱਗੇ ਚੇਅਰਮੈਨਾਂ ਅਤੇ ਡਾਇਰੈਕਟਰਾਂ ਦੀ ਸੂਚੀ ਮੰਗੀ ਹੈ। ਪਾਰਟੀ ਵਿਧਾਇਕਾਂ ਅਤੇ ਹੋਰ ਸੀਨੀਅਰ ਆਗੂਆਂ ਨੂੰ ਇਸ ‘ਤੇ ਲਗਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਮੁੱਖ ਮੰਤਰੀ ਦਫ਼ਤਰ ਨੇ ਸਾਰੇ ਵਿਭਾਗਾਂ ਨੂੰ ਸੰਦੇਸ਼ ਭੇਜ ਕੇ ਉਨ੍ਹਾਂ ਅਧੀਨ ਕੰਮ ਕਰ ਰਹੇ ਬੋਰਡਾਂ, ਕਾਰਪੋਰੇਸ਼ਨਾਂ ਆਦਿ ਦੇ ਚੇਅਰਮੈਨਾਂ ਅਤੇ ਡਾਇਰੈਕਟਰਾਂ ਦੀ ਸੂਚੀ ਮੰਗ ਲਈ ਹੈ।
ਇਹ ਸੂਚੀ ਅੱਜ ਤਕ ਦੇਣ ਲਈ ਕਿਹਾ ਗਿਆ ਹੈ। ਹਾਲਾਂਕਿ ਪਿਛਲੀ ਸਰਕਾਰ ਦੌਰਾਨ ਜਿਨ੍ਹਾਂ ਬੋਰਡਾਂ ਅਤੇ ਕਾਰਪੋਰੇਸ਼ਨਾਂ ‘ਚ ਚੇਅਰਮੈਨ ਆਦਿ ਨਿਯੁਕਤ ਕੀਤੇ ਗਏ ਹਨ, ਉਨ੍ਹਾਂ ਨੂੰ ਵੀ ਜ਼ੁਬਾਨੀ ਤੌਰ ‘ਤੇ ਅਸਤੀਫ਼ੇ ਦੇਣ ਲਈ ਕਿਹਾ ਗਿਆ ਹੈ। ਸਾਰੇ ਵਿਭਾਗਾਂ ਦੇ ਪ੍ਰਮੁੱਖ ਸਕੱਤਰਾਂ ਨੂੰ ਬੋਰਡ ਅਤੇ ਨਿਗਮ ਖਾਲੀ ਕਰਵਾਉਣ ਲਈ ਕਿਹਾ ਗਿਆ ਹੈ।
ਵਿਭਾਗਾਂ ਦੇ ਪ੍ਰਮੁੱਖ ਸਕੱਤਰਾਂ ਨੇ ਜ਼ੁਬਾਨੀ ਤੌਰ ‘ਤੇ ਬੋਰਡ ਅਤੇ ਨਿਗਮ ਦੇ ਚੇਅਰਮੈਨ ਨੂੰ ਅਸਤੀਫਾ ਦੇਣ ਲਈ ਕਿਹਾ ਹੈ। ਹਾਲਾਂਕਿ ਪਤਾ ਲੱਗਾ ਹੈ ਕਿ ਜਿਨ੍ਹਾਂ ਸਹਿਕਾਰੀ ਅਦਾਰਿਆਂ ਵਿੱਚ ਚੁਣੇ ਗਏ ਡਾਇਰੈਕਟਰ ਅਤੇ ਚੇਅਰਮੈਨ ਲੱਗੇ ਹੋਏ ਹਨ, ਉਨ੍ਹਾਂ ਨੂੰ ਹਟਾਉਣ ਵਿੱਚ ਦਿੱਕਤ ਆ ਸਕਦੀ ਹੈ।