ਲੁਧਿਆਣਾ : ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਉਚੇਰੀ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਜੀ ਦੀ ਯੋਗ ਅਗਵਾਈ ਹੇਠ ਯੂਥ ਕਲੱਬ, ਐੱਨ. ਐੱਸ. ਯੂਨਿਟ ਅਤੇ ਵਿਦਿਆਰਥੀ ਕੌਂਸਲ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸੁਖਦੇਵ ਥਾਪਰ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀ ਸ਼ੁਰੂਆਤ ਵਿੱਚ ਕਾਲਜ ਦੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਗੁਰਜਿੰਦਰ ਕੌਰ ਜੀ ਅਤੇ ਸੀਨੀਅਰ ਸਟਾਫ਼ ਕੌਂਸਲ ਦੇ ਮੈਂਬਰਾਂ ਨੇ ਫੁੱਲਾਂ ਦੀ ਵਰਖਾ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਭਾਸ਼ਣ, ਕਵਿਤਾ ਅਤੇ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੀ ਸ਼ਹਾਦਤ ਨੂੰ ਦਰਸਾਉਂਦਾ ਨਾਟਕ ਪੇਸ਼ ਕੀਤਾ ।
ਨਾਟਕ ਰਾਹੀਂ ਵਿਦਿਆਰਥਣਾਂ ਨੂੰ ਭਗਤ ਸਿੰਘ ਦੀ ਵਿਚਾਰਧਾਰਾ ਅਤੇ ਦੇਸ਼ ਲਈ ਉਨ੍ਹਾਂ ਦੇ ਅਦੁੱਤੀ ਯੋਗਦਾਨ ਤੋਂ ਜਾਣੂ ਕਰਵਾਇਆ ਗਿਆ | ਭਗਤ ਸਿੰਘ ਇੱਕ ਇਨਕਲਾਬੀ ਹੀ ਨਹੀਂ ਸਗੋਂ ਇੱਕ ਮੌਲਿਕ ਚਿੰਤਕ ਵੀ ਸਨ। ਉਨ੍ਹਾਂ ਸਮਾਜਿਕ-ਰਾਜਨੀਤਿਕ ਘਟਨਾਵਾਂ ਦਾ ਤਰਕਸੰਗਤ ਵਿਸ਼ਲੇਸ਼ਣ ਕੀਤਾ ਅਤੇ ਉਨ੍ਹਾਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਵਾਈਸ ਪਿ੍ੰਸੀਪਲ ਸ੍ਰੀਮਤੀ ਗੁਰਜਿੰਦਰ ਕੌਰ ਜੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ਼ਹੀਦ ਭਗਤ ਸਿੰਘ ਜੀ ਦੀ ਵਿਚਾਰਧਾਰਾ ਅਤੇ ਆਦਰਸ਼ਾਂ ‘ਤੇ ਪਹਿਰਾ ਦੇਣ ਲਈ ਕਿਹਾ | ਸਮਾਗਮ ਦੇ ਅੰਤ ਵਿੱਚ ਯੂਥ ਕੋਆਰਡੀਨੇਟਰ ਡਾ: ਮਾਧਵੀ ਵਸ਼ਿਸ਼ਠ ਨੇ ਸਾਰਿਆਂ ਦਾ ਧੰਨਵਾਦ ਕੀਤਾ।