ਚੰਡੀਗੜ੍ਹ : ਭਾਖੜਾ ਬਿਆਸ ਮੈਨਜਮੈਂਟ ਬੋਰਡ ‘ਚ ਪੰਜਾਬ ਦੀ ਮੈਂਬਰੀ ਖ਼ਤਮ ਕਰਨ ਤੋਂ ਬਾਅਦ ਮੋਦੀ ਸਰਕਾਰ ਨੇ ਹੁਣ ਪੰਜਾਬ ਦੇ ਅਧਿਕਾਰਾਂ ‘ਤੇ ਇਕ ਹੋਰ ਡਾਕਾ ਮਾਰਿਆ ਹੈ। ਕੇਂਦਰ ਸਰਕਾਰ ਨੇ ਪੰਜਾਬ ਦੇ ਵੱਡੇ ਬੰਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੈਂਟਰਲ ਇੰਡਸਟ੍ਰੀਅਲ ਸਕਿਓਰਿਟੀ ਫੋਰਸ ਨੂੰ ਸੌਂਪਣ ਦਾ ਫ਼ੈਸਲਾ ਲਿਆ ਹੈ।
ਹੁਣ ਤੱਕ ਭਾਖੜਾ ਡੈਮ, ਪੌਂਗ ਅਤੇ ਰਣਜੀਤ ਸਾਗਰ ਡੈਮ ਦੀ ਸੁਰੱਖਿਆ ਪੰਜਾਬ ਅਤੇ ਹਿਮਾਚਲ ਪੁਲਸ ਕਰਦੀ ਰਹੀ ਹੈ ਪਰ ਕੇਂਦਰ ਦੇ ਉਕਤ ਫ਼ੈਸਲੇ ਦੇ ਤਹਿਤ ਪੰਜਾਬ ਪੁਲਸ ਨੂੰ ਬੰਨ੍ਹਾਂ ਦੀ ਸੁਰੱਖਿਆ ਤੋਂ ਹਟਾ ਦਿੱਤਾ ਜਾਵੇਗਾ। ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਵੀ ਇਸ ਦਾ ਸਖ਼ਤ ਵਿਰੋਧ ਕੀਤਾ ਗਿਆ ਹੈ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਹੈ ਕਿ ਸਰਕਾਰ ਪਹਿਲਾਂ ਤੋਂ ਪੀੜਤ ਪੰਜਾਬੀਆਂ ਦੇ ਅਧਿਕਾਰਾਂ ਨੂੰ ਲੁੱਟ ਕੇ ਉਨ੍ਹਾਂ ਨੂੰ ਹੋਰ ਜ਼ਿਆਦਾ ਪਰੇਸ਼ਾਨ ਨਾ ਕਰੇ ਅਤੇ ਬੰਨ੍ਹਾਂ ਸਮੇਤ ਚੰਡੀਗੜ੍ਹ ਵਿਚ ਪੰਜਾਬ ਦੇ ਅਧਿਕਾਰਾਂ ਨੂੰ ਬਹਾਲ ਕਰੇ। ਮਾਨ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਲਗਾਤਾਰ ਪੰਜਾਬ ਵਿਰੋਧੀ ਫ਼ੈਸਲੇ ਲਏ ਹਨ।