ਲੁਧਿਆਣਾ : ਸਿਵਲ ਸਰਜਨ ਡਾ. ਹਿਤਿੰਦਰ ਕੌਰ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜ਼ਿਲ੍ਹੇ ਭਰ ਵਿਚ 7 ਅਗਸਤ ਤੱਕ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ ਜਿਸਦੇ ਤਹਿਤ ਵੱਖ-ਵੱਖ ਸਿਹਤ ਸੰਸਥਾਵਾਂ ਵਿਚ ਮਾਂ ਦੇ ਦੁੱਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।
ਵੱਖ ਵੱਖ ਮਾਹਿਰ ਡਾਕਟਰਾਂ ਮੁਤਾਬਿਕ ਬੱਚੇ ਨੂੰ ਮਾਂ ਦਾ ਦੁੱਧ ਦੇਣਾ ਲਾਭਦਾਇਕ ਹੁੰਦਾ ਹੈ, ਖ਼ਾਸ ਕਰਕੇ ਪਹਿਲੇ ਗਾੜੇ (ਬਹੁਲਾ) ਦੁੱਧ ਵਿਚ ਨਵ ਜੰਮੇ ਬੱਚੇ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਸਾਰੇ ਜ਼ਰੂਰੀ ਤੱਤ ਮੌਜੂਦ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਜਨਮ ਤੋਂ ਲੈ ਕੇ ਛੇ ਮਹੀਨੇ ਤੱਕ ਬੱਚੇ ਨੂੰ ਸਿਰਫ਼ ਮਾਂ ਦਾ ਦੁੱਧ ਹੀ ਪਿਲਾਉਣਾ ਚਾਹੀਦਾ ਹੈ ਅਤੇ ਛੇ ਮਹੀਨੇ ਤੋ ਬਾਅਦ ਬੱਚੇ ਨੂੰ ਮਾਂ ਦੇ ਦੁੱਧ ਦੇ ਨਾਲ-ਨਾਲ ਨਰਮ ਖ਼ੁਰਾਕ ਜਿਵੇਂ ਚਾਵਲ, ਖਿਚੜੀ ਅਤੇ ਦਲੀਆ ਆਦਿ ਵੀ ਦਿੱਤਾ ਜਾ ਸਕਦਾ ਹੈ।
ਬੱਚੇ ਨੂੰ ਪੌਸ਼ਟਿਕ ਖ਼ੁਰਾਕ ਤੋਂ ਇਲਾਵਾ ਦੋ ਸਾਲ ਤੱਕ ਮਾਂ ਆਪਣੇ ਬੱਚੇ ਨੂੰ ਆਪਣਾ ਦੁੱਧ ਜ਼ਰੂਰ ਪਿਲਾਏ, ਜੇਕਰ ਮਾਂ ਆਪਣੇ ਬੱਚੇ ਨੂੰ ਆਪਣਾ ਦੁੱਧ ਪਿਲਾਉਂਦੀ ਹੈ ਤਾਂ ਮਾਂ ਖ਼ੁਦ ਵੀ ਤੰਦਰੁਸਤ ਰਹਿੰਦੀ ਹੈ। ਮਾਂ ਦਾ ਦੁੱਧ ਬੱਚੇ ਨੂੰ ਦਮਾ, ਨਿਮੋਨੀਆ ਅਤੇ ਦਸਤ ਵਰਗੀਆਂ ਬਿਮਾਰੀਆਂ ਤੋ ਵੀ ਬਚਾਉਂਦਾ ਹੈ ਅਤੇ ਇਸ ਤਰ੍ਹਾਂ ਮਾਂ ਅਤੇ ਬੱਚੇ ਦਾ ਪਿਆਰ ਵੀ ਵਧਦਾ ਹੈ। ਦੁੱਧ ਪਿਲਾਉਣ ਨਾਲ ਮਾਂ ਨੂੰ ਦੂਸਰਾ ਗਰਭ ਠਹਿਰਣ ਦੀ ਵੀ ਘੱਟ ਸੰਭਾਵਨਾ ਹੁੰਦੀ ਹੈ।