Connect with us

ਪੰਜਾਬੀ

 ਗਿਣਤੀ ਕੇਂਦਰਾਂ ਦੇ ਬਾਹਰ ਜਿੱਤ ਦੇ ਜਸ਼ਨਾਂ ‘ਤੇ ਪਾਬੰਦੀ- ਜ਼ਿਲ੍ਹਾ ਚੋਣ ਅਫ਼ਸਰ 

Published

on

Ban on victory celebrations outside counting centers - District Election Officer

ਲੁਧਿਆਣਾ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵਲੋਂ ਗਿਣਤੀ ਤੋਂ ਬਾਅਦ ਜਿੱਤ ਦੇ ਜਸ਼ਨਾਂ ‘ਤੇ ਪਾਬੰਦੀ ਹੈ, ਜਿਸ ਕਾਰਨ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ।

ਡਿਪਟੀ ਕਮਿਸ਼ਨਰ ਨੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਨੇ ਆਪਣੇ ਨਿਰਦੇਸ਼ਾਂ ਵਿੱਚ ਕਿਹਾ ਕਿ ਵੋਟਾਂ ਦੀ ਗਿਣਤੀ ਮੌਕੇ ਹੁੱਲੜਬਾਜੀ ਜਾਂ ਰਿਜਲਟ ਘੋਸ਼ਿਤ ਹੋਣ ਤੋਂ ਬਾਅਦ ਕਿਸੇ ਵੀ ਕਿਸਮ ਦੇ ਫਤਿਹ ਜਲੂਸ ‘ਤੇ ਮਨਾਹੀ ਕੀਤੀ ਹੈ ਅਤੇ ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ 14 ਰਿਟਰਨਿੰਗ ਅਫ਼ਸਰਾਂ ਨੂੰ ਕਿਹਾ ਕਿ ਉਹ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਜਦਕਿ ਕਿਸੇ ਵੀ ਤਰ੍ਹਾਂ ਦੀ ਉਲੰਘਣਾ ‘ਤੇ ਨਜ਼ਰ ਰੱਖਣ ਲਈ ਪ੍ਰਸ਼ਾਸਨ ਵੱਲੋਂ ਨਿਗਰਾਨੀ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਕੱਲ 10 ਮਾਰਚ ਨੂੰ ਸਵੇਰੇ 8 ਵਜੇ ਸਾਰੇ 14 ਗਿਣਤੀ ਕੇਂਦਰਾਂ ਵਿੱਚ ਇੱਕੋ ਸਮੇਂ ਸ਼ੁਰੂ ਹੋਵੇਗੀ। ਉਨ੍ਹਾ ਕਿਹ ਕਿ 14 ਕਾਊਂਟਿੰਗ ਅਬਜ਼ਰਵਰਾਂ ਦੁਆਰਾ ਪੂਰੀ ਗਿਣਤੀ ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਸੂਚਨਾ ਦੇ ਸਮੇਂ ਸਿਰ ਪ੍ਰਸਾਰ ਲਈ ਸਾਰੇ 14 ਗਿਣਤੀ ਕੇਂਦਰਾਂ ਦੇ ਬਾਹਰ ਮੀਡੀਆ ਸੈਂਟਰ ਸਥਾਪਿਤ ਕੀਤੇ ਗਏ ਹਨ, ਜਦਕਿ ਇੱਕ ਸਾਂਝਾ ਮੀਡੀਆ ਸੈਂਟਰ ਬੱਚਤ ਭਵਨ, ਜ਼ਿਲਾ ਪ੍ਰਬੰਧਕੀ ਕੰਪਲੈਕਸ, ਲੁਧਿਆਣਾ ਵਿਖੇ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੀਡੀਆ ਕਰਮੀਆਂ ਲਈ ਇਨ੍ਹਾਂ 14 ਗਿਣਤੀ ਕੇਂਦਰਾਂ ਵਿੱਚ ਦਾਖਲਾ ਸਿਰਫ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਪਛਾਣ ਪੱਤਰਾਂ ਰਾਹੀਂ ਹੀ ਹੋਵੇਗਾ।

ਉਨ੍ਹਾਂ ਦੱਸਿਆ ਕਿ ਗਿਣਤੀ ਰੂਮ ਵਿੱਚ ਨਿਰਵਿਘਨ ਗਿਣਤੀ ਲਈ ਕੁੱਲ 14 ਕਾਊਂਟਿੰਗ ਟੇਬਲ (ਹਰੇਕ ਪਾਸੇ 7-7) ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨਤੀਜਿਆਂ ਦੇ ਐਲਾਨ ਤੋਂ ਬਾਅਦ ਕਿਸੇ ਵੀ ਉਮੀਦਵਾਰ ਨੂੰ ਜਿੱਤ ਦਾ ਜਲੂਸ ਕੱਢਣ ਦੀ ਆਗਿਆ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 14 ਕਾਊਂਟਿੰਗ ਅਬਜ਼ਰਵਰਾਂ ਦੀ ਦੇਖ ਰੇਖ ਵਿੱਚ ਨੇਪਰੇ ਚਾੜ੍ਹੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ ਅਤੇ ਟ੍ਰੈਫਿਕ ਕਰਮਚਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਗਿਣਤੀ ਕੇਂਦਰਾਂ ਦੇ ਅੰਦਰ ਅਤੇ ਆਲੇ-ਦੁਆਲੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਕੇਂਦਰਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਵੋਟਾਂ ਦੀ ਗਿਣਤੀ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

Facebook Comments

Trending