ਨੰਗਲ : ਕੇਂਦਰ ਸਰਕਾਰ ਨੇ ਸੂਬਿਆਂ ਦੇ ਹੱਕ ਖੋਹ ਕੇ ਬੀ. ਬੀ. ਐੱਮ. ਬੀ. ਵਰਗੇ ਵੱਡੇ ਪ੍ਰਾਜੈਕਟਾਂ ਨੂੰ ਆਪਣੀ ਮਨਮਰਜ਼ੀ ਨਾਲ ਕੇਂਦਰ ਅਧੀਨ ਲੈਣ ਦੇ ਜੋ ਮਨਸੂਬੇ ਬਣਾਏ ਹਨ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਇਹ ਗੱਲ ਰਾਣਾ ਕੇ. ਪੀ. ਸਿੰਘ ਨੇ ਬੀ. ਬੀ. ਐੱਮ. ਬੀ. ਦੇ ਨਿਯਮਾਂ ਦੀ ਤਬਦੀਲੀ ਦੇ ਮੁੱਦੇ ਨੂੰ ਲੈ ਕੇ ਭਾਖੜਾ ਡੈਮ ਦੇ ਚੀਫ ਇੰਜੀਨੀਅਰ ਦਫ਼ਤਰ ਸਾਹਮਣੇ ਕਾਂਗਰਸ ਵੱਲੋਂ ਲਾਏ ਗਏ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਹੀ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਹਰ ਵੱਡੇ ਪ੍ਰਾਜੈਕਟ ਨੂੰ ਵੇਚਣ ’ਤੇ ਤੁਲੀ ਹੋਈ ਹੈ ਅਤੇ ਕਾਂਗਰਸ ਵੱਲੋਂ ਸਥਾਪਤ ਕੀਤੇ ਗਏ ਸਾਰੇ ਪ੍ਰਾਜੈਕਟਾਂ ਨੂੰ ਵੇਚਿਆ ਜਾ ਰਿਹਾ ਹੈ ਜਾਂ ਉਨ੍ਹਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਦੇਸ਼ ਵਿਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਤੋਂ ਬਾਅਦ ਹੁਣ ਮੋਦੀ ਸਰਕਾਰ ਪੰਜਾਬ ਸਮੇਤ ਹੋਰ ਸੂਬਿਆਂ ਦੇ ਬਿਜਲੀ ਅਤੇ ਪਾਣੀ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ।
ਕਿਸਾਨ ਅੰਦੋਲਨ ਵਾਂਗ ਹੁਣ ਪੰਜਾਬ ਤੇ ਹਰਿਆਣਾ ਦਾ ਹਰ ਨਾਗਰਿਕ ਇਸ ਦਾ ਪੁਰਜ਼ੋਰ ਵਿਰੋਧ ਕਰਦੇ ਹੋਏ ਸੜਕਾਂ ’ਤੇ ਉਤਰੇਗਾ। ਇਹ ਧਰਨਾ ਸੰਕੇਤਕ ਸੀ ਪਰ ਹੁਣ ਇਹ ਧਰਨਾ ਚੀਫ ਇੰਜੀਨੀਅਰ ਦਫ਼ਤਰ ਦੇ ਬਾਹਰ ਲਗਾਤਾਰ ਜਾਰੀ ਰਹੇਗਾ।
ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਸੰਜੇ ਸਾਹਨੀ, ਐਡਵੋਕੇਟ ਪਰਮਜੀਤ ਸਿੰਘ ਪੰਮਾ, ਡਾ. ਰਵਿੰਦਰ ਦੀਵਾਨ, ਰਾਕੇਸ਼ ਨਈਅਰ, ਕਪੂਰ ਸਿੰਘ ਤੇ ਪਿਆਰਾ ਸਿੰਘ ਜਸਵਾਲ ਸਮੇਤ ਹੋਰ ਕਾਂਗਰਸੀ ਵਰਕਰ ਮੌਜੂਦ ਸਨ।