ਮੋਗਾ: ਮੋਗਾ ਦੇ ਪਿੰਡ ਘੱਲਕਲਾਂ ਤੋਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਪ੍ਰਵਾਸੀ ਖੇਤ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਜ਼ 3500 ਰੁਪਏ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਉਕਤ ਮਜ਼ਦੂਰ ਦਾ ਕਤਲ ਕਰ ਦਿੱਤਾ ਗਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਸ਼ੀ ਫ਼ਰਾਰ ਦੱਸਿਆ ਜਾ ਰਿਹਾ ਹੈ। ਮ੍ਰਿਤਕ ਖੇਤ ਮਜ਼ਦੂਰ ਤਲਤੂ ਰਾਮ ਬਿਹਾਰ ਦੇ ਸਹਰਸਾ ਜ਼ਿਲ੍ਹੇ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਉਹ ਪਿਛਲੇ ਕਈ ਸਾਲਾਂ ਤੋਂ ਮੋਗਾ ਦੇ ਪਿੰਡ ਘੱਲਕਲਾਂ ਵਿਖੇ ਖੇਤਾਂ ਵਿੱਚ ਮਜ਼ਦੂਰੀ ਕਰ ਰਿਹਾ ਸੀ।
ਖੇਤਾਂ ‘ਚ ਕੰਮ ਕਰਨ ਤੋਂ ਬਾਅਦ ਤਲਤੂ ਰਾਮ ਆਪਣੇ ਦੋਸਤਾਂ ਨਾਲ ਟਿਊਬਵੈੱਲ ‘ਤੇ ਰਹਿੰਦਾ ਸੀ। ਬੀਤੀ ਰਾਤ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਦੋਸਤਾਂ ਨਾਲ ਉਥੇ ਪਹੁੰਚਿਆ ਤਾਂ ਗੁਰਪ੍ਰੀਤ ਨਾਮੀ ਵਿਅਕਤੀ ਨਾਲ 3500 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਈ ਲੜਾਈ ਖੂਨੀ ਹੋ ਗਈ। ਇਸ ਲੜਾਈ ਵਿਚ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਅਤੇ ਉਸ ਨੂੰ ਮੋਗਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਲੜਾਈ ਹੋਈ ਸੀ। ਇਸ ਦੌਰਾਨ ਗੰਭੀਰ ਰੂਪ ‘ਚ ਜ਼ਖਮੀ ਹੋਣ ‘ਤੇ ਤਲਤੂ ਰਾਮ ਨੂੰ ਹਸਪਤਾਲ ਲਿਜਾਂਦੇ ਸਮੇਂ ਰਸਤੇ ‘ਚ ਹੀ ਮੌਤ ਹੋ ਗਈ। ਫਿਲਹਾਲ ਮਾਮਲਾ ਦਰਜ ਕਰਕੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।