ਚੰਡੀਗੜ੍ਹ: ਸੂਬੇ ਦੇ ਲੋਕਾਂ ਦੀ ਸਹੂਲਤ ਲਈ ਇੱਕ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਧਿਕਾਰੀਆਂ ਨੂੰ 2436.49 ਕਰੋੜ ਰੁਪਏ ਦੀ ਲਾਗਤ ਨਾਲ 13400 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਲਿੰਕ ਸੜਕਾਂ ਵਸਤਾਂ ਅਤੇ ਸੇਵਾਵਾਂ ਦੀ ਨਿਰਵਿਘਨ ਸਪਲਾਈ ਅਤੇ ਲੋਕਾਂ ਦੀ ਆਵਾਜਾਈ ਲਈ ਵੀ ਬਹੁਤ ਸਹਾਈ ਹਨ। ਉਨ੍ਹਾਂ ਕਿਹਾ ਕਿ ਇਹ ਲਿੰਕ ਸੜਕਾਂ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦਿੰਦੀਆਂ ਹਨ ਅਤੇ ਪੇਂਡੂ ਵਸਨੀਕਾਂ ਲਈ ਬਹੁਤ ਲਾਹੇਵੰਦ ਹਨ। ਸੀ.ਐਮ. ਭਗਵੰਤ ਸਿੰਘ ਮਾਨ ਨੇ ਇਨ੍ਹਾਂ ਸੜਕਾਂ ਦੇ ਨਿਰਮਾਣ ਦੀ ਲੋੜ ‘ਤੇ ਜ਼ੋਰ ਦਿੱਤਾ ਕਿਉਂਕਿ 6 ਸਾਲ ਬੀਤ ਜਾਣ ਤੋਂ ਬਾਅਦ ਵੀ ਇਨ੍ਹਾਂ ‘ਚੋਂ ਜ਼ਿਆਦਾਤਰ ਸੜਕਾਂ ਨੂੰ ਅਣਗੌਲਿਆ ਕੀਤਾ ਗਿਆ ਹੈ |
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਨੂੰ ਪਹਿਲ ਦੇ ਆਧਾਰ ‘ਤੇ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਪੂਰਾ ਲਾਭ ਮਿਲ ਸਕੇ। ਸੀ.ਐਮ. ਮਾਨ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਲਈ ਲੋੜ ਅਤੇ ਪਹਿਲ ਦੇ ਆਧਾਰ ‘ਤੇ ਜ਼ਮੀਨੀ ਪੱਧਰ ਦਾ ਸਰਵੇ ਕਰਵਾਉਣਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਇਨ੍ਹਾਂ ਸੜਕਾਂ ਦੀ ਉਸਾਰੀ ਲਈ ਇਕ-ਇਕ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਭਰ ਵਿੱਚ ਇਨ੍ਹਾਂ ਪੇਂਡੂ ਲਿੰਕ ਸੜਕਾਂ ਨੂੰ ਚੌੜਾ, ਮਜ਼ਬੂਤ ਅਤੇ ਅਪਗ੍ਰੇਡ ਕਰਕੇ ਲਿੰਕ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਨਵਾਂ ਰੂਪ ਦੇਣ ਦਾ ਫੈਸਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਇਸ ਸੜਕੀ ਨੈੱਟਵਰਕ ਦੀ ਮਹੱਤਤਾ ਨੂੰ ਦੇਖਦੇ ਹੋਏ ਇਹ ਅਹਿਮ ਫੈਸਲਾ ਲਿਆ ਗਿਆ ਹੈ।ਸੀ.ਐਮ. ਭਗਵੰਤ ਸਿੰਘ ਮਾਨ ਨੇ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੂੰ ਕਿਹਾ ਕਿ ਕੰਮ ਅਲਾਟ ਕਰਨ ਸਮੇਂ ਪ੍ਰੋਜੈਕਟ ਦੀ ਉੱਚ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਇਸ ਲਈ ਅਲਾਟ ਕੀਤੇ ਗਏ ਇੱਕ-ਇੱਕ ਪੈਸੇ ਦਾ ਸਹੀ ਢੰਗ ਨਾਲ ਨਿਵੇਸ਼ ਕੀਤਾ ਜਾਵੇ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਪੇਂਡੂ ਸੜਕਾਂ ਦੇ ਨਿਰਮਾਣ ਵਿੱਚ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਤਕਨੀਕ ਦੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਪੇਂਡੂ ਸੜਕਾਂ ‘ਤੇ ਉੱਚ ਗੁਣਵੱਤਾ ਵਾਲੇ ਕੰਮ ਦੇ ਨਾਲ-ਨਾਲ ਸੂਬੇ ਦੇ ਮੌਜੂਦਾ ਸਰੋਤਾਂ ਦੀ ਵਰਤੋਂ ਨੂੰ ਯਕੀਨੀ ਬਣਾਏਗਾ।ਸੀ.ਐਮ. ਮਾਨ ਨੇ ਕਿਹਾ ਕਿ ਇਸ ਤਕਨੀਕ ਨਾਲ ਨਾ ਸਿਰਫ਼ ਲੋਕਾਂ ਦੇ ਪੈਸੇ ਦੀ ਬੱਚਤ ਹੋਵੇਗੀ ਸਗੋਂ ਸੜਕ ਨਿਰਮਾਣ ਦੇ ਕੰਮਾਂ ਵਿੱਚ ਵੀ ਕ੍ਰਾਂਤੀ ਆਵੇਗੀ।