ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ 115ਵੇਂਂ ਜਨਮ ਦਿਹਾੜੇ ਮੌਕੇ ਸਥਾਨਕ ਸਤੀਸ਼ ਚੰਦਰ ਧਵਨ (ਐਸ.ਸੀ.ਡੀ.) ਕਾਲਜ ਦੇ ਮੁੱਖ ਗੇਟ ਤੋਂ ਨਹਿਰੂ ਰੋਜ਼ ਗਾਰਡਨ, ਸਿਵਲ ਲਾਈਨਜ਼ ਤੱਕ ਕੈਂਡਲ ਮਾਰਚ ਕੱਢਿਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ, ਉਪ ਮੰਡਲ ਮੈਜਿਸਟ੍ਰੇਟ ਸ. ਗੁਰਸਿਮਰਨ ਸਿੰਘ ਢਿੱਲੋਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਕੈਂਡਲ ਮਾਰਚ ਦੌਰਾਨ ਸ਼ਹਿਰ ਅਤੇ ਇਲਾਕੇ ਦੀਆਂ ਵੱਖ-ਵੱਖ ਗੈਰ ਸਰਕਾਰੀ ਸੰਸਥਾਵਾਂ (ਐਨ.ਜੀ.ਓ) ਅਤੇ ਆਮ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਗਈ।
ਡਿਪਟੀ ਕਮਿਸ਼ਨਰ ਵੱਲੋਂ ਸਮੂਹ ਭਾਗੀਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇਸ਼ ‘ਤੇ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੇ ਸਨਮਾਨ ਲਈ ਵਚਨਬੱਧ ਹੈ। ਇਸ ਤੋਂ ਇਲਾਵਾ ਨਹਿਰੂ ਯੁਵਾ ਕੇਂਦਰ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ 115ਵੇਂ ਜਨਮ ਦਿਹਾੜੇ ਨੂੰ ਆਜ਼ਾਦੀ ਦਾ ਅਮ੍ਰਿਤ ਮਹੋਤਸਵ ਤਹਿਤ ਸ਼ਹੀਦ ਭਗਤ ਸਿੰਘ ਦਿਵਸ ਵਜੋਂ ਮਨਾਇਆ ਗਿਆ।