ਲੁਧਿਆਣਾ : ਸੂਬਾ ਸਰਕਾਰ ਦੀ ਐਂਟੀ ਕੁਰੱਪਸ਼ਨ ਹੈਲਪ ਲਾਈਨ ‘ਤੇ ਕੀਤੀਆਂ ਸ਼ਿਕਾਇਤਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਵਲੋਂ ਸਾਂਝ ਕੇਂਦਰ ਅਤੇ ਪੁਲਿਸ ਮੁਲਾਜ਼ਮ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਉਪ ਪੁਲਿਸ ਕਪਤਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਕੁਲਦੀਪ ਵਰਮਾ ਪੁੱਤਰ ਵਰਿੰਦਰ ਵਰਮਾ ਵਾਸੀ ਤਾਜਪੁਰ ਰੋਡ ਨੇ ਸੂਬਾ ਸਰਕਾਰ ਦੇ ਹੈਲਪਲਾਈਨ ਨੰਬਰ ‘ਤੇ ਸ਼ਿਕਾਇਤ ਕੀਤੀ ਸੀ .
ਥਾਣਾ ਜਮਾਲਪੁਰ ‘ਚ ਤਾਇਨਾਤ ਸਹਾਇਕ ਸਬ ਇੰਸਪੈਕਟਰ ਕਮਲਜੀਤ ਸਿੰਘ ਉਸਦੇ ਪਿਤਾ ਤੇ ਭਰਾ ਖ਼ਿਲਾਫ਼ ਦਰਜ ਮੁਕੱਦਮੇ ਨੂੰ ਰਫ਼ਾ-ਦਫ਼ਾ ਕਰਨ ਦੇ ਮਾਮਲੇ ‘ਚ 30 ਹਜ਼ਾਰ ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ ਤੇ ਪੰਜ ਹਜ਼ਾਰ ਰੁਪਏ ਰਿਸ਼ਵਤ ਲੈ ਚੁੱਕਾ ਹੈ। ਸ਼ਿਕਾਇਤਕਰਤਾ ਵਲੋਂ ਕੀਤੀ ਗਈ ਸ਼ਿਕਾਇਤ ‘ਤੇ ਵਿਜੀਲੈਂਸ ਬਿਊਰੋ ਵਲੋਂ ਕਾਰਵਾਈ ਕਰਦਿਆਂ ਸਹਾਇਕ ਸਬ ਇੰਸਪੈਕਟਰ ਕਮਲਜੀਤ ਸਿੰਘ ਖ਼ਿਲਾਫ਼ ਰਿਸ਼ਵਤ ਰੋਕੂ ਐਕਟ ਤਹਿਤ ਕੇਸ ਦਰਜ ਕਰ ਲਿਆ। ਪੁਲਿਸ ਕਪਤਾਨ ਨੇ ਦੱਸਿਆ ਕਿ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਦੂਜੇ ਅਜਿਹੇ ਮਾਮਲੇ ਵਿਚ ਰਾਹੁਲ ਸਾਹਨੀ ਪੁੱਤਰ ਸ਼੍ਰੀ ਬੰਸੀ ਲਾਲ ਵਾਸੀ ਨਿਊ ਦੀਪ ਨਗਰ ਦੀ ਸ਼ਿਕਾਇਤ ‘ਤੇ ਪੁਲਿਸ ਵਲੋਂ ਸਾਂਝ ਕੇਂਦਰ ਵਿਚ ਤਾਇਨਾਤ ਜਾਂਚ ਕਰਮਚਾਰੀ ਦਿਲਬਾਗ ਸਿੰਘ ਖ਼ਿਲਾਫ਼ ਵੀ ਪੁਲਿਸ ਦੇ ਰਿਸ਼ਵਤ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।