ਲੁਧਿਆਣਾ : ਪੰਜਾਬ ਕਾਂਗਰਸ ਦੇ ਸਾਬਕਾ ਮੁਖੀ ਨਵਜੋਤ ਸਿੰਘ ਸਿੱਧੂ ਮਾਛੀਵਾੜਾ ਅਨਾਜ ਮੰਡੀ ਵਿਖੇ ਆਪਣੀਆਂ ਫਸਲਾਂ ਵੇਚਣ ਆਏ ਕਿਸਾਨਾਂ ਦਾ ਹਾਲ-ਚਾਲ ਦੇਖਣ ਪਹੁੰਚੇ, ਜਿੱਥੇ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਤੋਂ 2 ਹਜ਼ਾਰ ਰੁਪਏ ਪ੍ਰਤੀ ਕੁਇੰਟਲ ਕਣਕ ਖਰੀਦ ਕੇ ਕੌਮਾਂਤਰੀ ਪੱਧਰ ‘ਤੇ 3500 ਰੁਪਏ ਪ੍ਰਤੀ ਕੁਇੰਟਲ ਕਣਕ ਵੇਚ ਰਹੀ ਹੈ। ਇਸ ਲਈ ਕਿਸਾਨਾਂ ਨੂੰ ਘੱਟੋ-ਘੱਟ 500 ਰੁਪਏ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਕਣਕ ਕੌਮਾਂਤਰੀ ਪੱਧਰ ‘ਤੇ 2200 ਰੁਪਏ ਪ੍ਰਤੀ ਕੁਇੰਟਲ ਵਿਕਦੀ ਸੀ ਜੋ ਹੁਣ 3500 ਰੁਪਏ ਪ੍ਰਤੀ ਕੁਇੰਟਲ ‘ਤੇ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਨਿੱਜੀ ਕਾਰਪੋਰੇਟ ਘਰਾਣੇ ਵੀ ਸਮਰਥਨ ਮੁੱਲ ਤੋਂ 200 ਰੁਪਏ ਪ੍ਰਤੀ ਕੁਇੰਟਲ ਮਹਿੰਗੇ ਭਾਅ ਖਰੀਦ ਕੇ 1300 ਰੁਪਏ ਦਾ ਮੁਨਾਫਾ ਕਮਾ ਰਹੇ ਹਨ। ਸਿੱਧੂ ਨੇ ਕਿਸਾਨਾਂ ਦੇ ਹਿੱਤ ਵਿੱਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਫਸਲਾਂ ਤੋਂ ਹੋਣ ਵਾਲੇ ਮੁਨਾਫ਼ੇ ਵਿੱਚੋਂ ਘੱਟੋ-ਘੱਟ 500 ਰੁਪਏ ਪ੍ਰਤੀ ਕੁਇੰਟਲ ਦੇ ਹੱਕਦਾਰ ਹਨ।
ਸਿੱਧੂ ਨੇ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਫਸਲਾਂ ਦੇ ਸਮਰਥਨ ਮੁੱਲ ਵਿੱਚ 50 ਰੁਪਏ ਦਾ ਵਾਧਾ ਕਰਕੇ ਡੀਜ਼ਲ, ਖਾਦਾਂ ਅਤੇ ਕੀਟਨਾਸ਼ਕਾਂ ਦੇ ਰੇਟਾਂ ਵਿੱਚ ਵਾਧਾ ਕਰਕੇ ਕਿਸਾਨਾਂ ਤੋਂ 50 ਰੁਪਏ ਵਾਪਸ ਲਏ ਜਾ ਰਹੇ ਹਨ, ਜੋ ਕਿ ਕਿਸਾਨਾਂ ਨਾਲ ਸਿੱਧਾ ਧੱਕਾ ਹੈ। ਸਿੱਧੂ ਨੇ ਕਿਹਾ ਕਿ ਜ਼ਿਆਦਾ ਗਰਮੀ ਕਾਰਨ ਇਸ ਵਾਰ ਕਣਕ ਦਾ ਝਾੜ ਪਹਿਲਾਂ ਹੀ ਬਹੁਤ ਘੱਟ ਹੋ ਚੁੱਕਾ ਹੈ, ਇਸ ਲਈ ਸਰਕਾਰ ਨੂੰ ਕਿਸਾਨਾਂ ਦੇ ਫਾਇਦੇ ਲਈ ਸੋਚਣਾ ਚਾਹੀਦਾ ਹੈ।