ਨਵੀਂ ਦਿੱਲੀ : ਮਾਨਸੂਨ ਦੇ ਮੌਸਮ ਦੌਰਾਨ ਦੇਸ਼ ਭਰ ਵਿੱਚ ਭਾਰੀ ਮੀਂਹ ਜਾਰੀ ਹੈ। ਤਾਜ਼ਾ ਰਿਪੋਰਟਾਂ ਅਨੁਸਾਰ ਗੁਜਰਾਤ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ ਹੜ੍ਹਾਂ ਕਾਰਨ ਸਥਿਤੀ ਗੰਭੀਰ ਹੋ ਗਈ ਹੈ। ਕਈ ਥਾਵਾਂ ‘ਤੇ ਨਦੀਆਂ ‘ਚ ਪਾਣੀ ਭਰਿਆ ਹੋਇਆ ਹੈ ਅਤੇ ਇਨ੍ਹਾਂ ਇਲਾਕਿਆਂ ‘ਚ ਬਰਸਾਤ ਕਾਰਨ ਕਈ ਹਾਦਸੇ ਵੀ ਵਾਪਰ ਚੁੱਕੇ ਹਨ। ਹਾਲ ਹੀ ‘ਚ ਹਰਿਆਣਾ ‘ਚ ਕੰਧ ਡਿੱਗਣ ਕਾਰਨ ਤਿੰਨ ਬੱਚਿਆਂ ਦੀ ਮੌਤ ਹੋ ਗਈ ਸੀ, ਜਦਕਿ ਗੁਜਰਾਤ ‘ਚ ਹੜ੍ਹਾਂ ਅਤੇ ਮੀਂਹ ਕਾਰਨ ਹੁਣ ਤੱਕ 50 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਮੱਧ ਪ੍ਰਦੇਸ਼ ਵਿੱਚ ਵੀ ਮੀਂਹ ਕਾਰਨ ਹੋਏ ਹਾਦਸੇ ਵਿੱਚ ਇੱਕ ਔਰਤ ਅਤੇ ਇੱਕ ਨੌਜਵਾਨ ਦੀ ਮੌਤ ਹੋ ਗਈ। ਭਾਰਤੀ ਮੌਸਮ ਵਿਭਾਗ (IMD) ਨੇ ਅੱਜ ਦਿੱਲੀ-NCR ਸਮੇਤ 21 ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਆਂਧਰਾ ਪ੍ਰਦੇਸ਼ ਦੇ ਸਮੁੰਦਰੀ ਖੇਤਰ ‘ਚ ਚੱਕਰਵਾਤ ਬਣ ਰਿਹਾ ਹੈ, ਜਿਸ ਕਾਰਨ ਹਵਾ ਦੀ ਰਫਤਾਰ 60 ਕਿਲੋਮੀਟਰ ਪ੍ਰਤੀ ਘੰਟੇ ਤੱਕ ਪਹੁੰਚ ਸਕਦੀ ਹੈ। ਗੁਜਰਾਤ ਵਿੱਚ ਅਗਲੇ ਪੰਜ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਆਓ ਮੌਸਮ ਦੀ ਤਾਜ਼ਾ ਜਾਣਕਾਰੀ ‘ਤੇ ਇੱਕ ਨਜ਼ਰ ਮਾਰੀਏ ਅਤੇ ਜਾਣਦੇ ਹਾਂ ਕਿ ਦਿੱਲੀ-ਐਨਸੀਆਰ ਵਿੱਚ ਮੌਸਮ ਕਿਵੇਂ ਰਹੇਗਾ।
ਮੌਸਮ ਵਿਭਾਗ ਮੁਤਾਬਕ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਪਿਛਲੇ ਇੱਕ ਮਹੀਨੇ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਭਾਵੇਂ ਕੱਲ੍ਹ ਸਵੇਰੇ ਮੌਸਮ ਸਾਫ਼ ਰਿਹਾ ਪਰ ਬਾਅਦ ਦੁਪਹਿਰ ਦਿੱਲੀ, ਨੋਇਡਾ ਅਤੇ ਗੁਰੂਗ੍ਰਾਮ ਵਿੱਚ ਭਾਰੀ ਮੀਂਹ ਸ਼ੁਰੂ ਹੋ ਗਿਆ। ਇਸ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਥਿਤੀ ਪੈਦਾ ਹੋ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਵੀ ਦਿੱਲੀ-ਐਨਸੀਆਰ ਵਿੱਚ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਹੈ। ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਅਤੇ ਕੱਲ੍ਹ ਦੇਸ਼ ਦੇ ਕਰੀਬ 20 ਰਾਜਾਂ ਵਿੱਚ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਜਿਨ੍ਹਾਂ ਰਾਜਾਂ ਵਿੱਚ ਬਾਰਿਸ਼ ਦੀ ਸੰਭਾਵਨਾ ਹੈ, ਉਨ੍ਹਾਂ ਵਿੱਚ ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਹਰਿਆਣਾ, ਪੰਜਾਬ, ਚੰਡੀਗੜ੍ਹ, ਆਂਧਰਾ ਪ੍ਰਦੇਸ਼, ਤੇਲੰਗਾਨਾ, ਗੁਜਰਾਤ, ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਕਰਨਾਟਕ, ਕੇਰਲ, ਜੰਮੂ ਅਤੇ ਕਸ਼ਮੀਰ, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਸ਼ਾਮਲ ਹਨ। ਇਨ੍ਹਾਂ ਰਾਜਾਂ ‘ਚ ਮੌਸਮ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਕਈ ਥਾਵਾਂ ‘ਤੇ ਭਾਰੀ ਮੀਂਹ ਪੈ ਸਕਦਾ ਹੈ।
ਮਾਨਸੂਨ ਸੀਜ਼ਨ ਦੌਰਾਨ ਲਗਾਤਾਰ ਮੀਂਹ ਨੇ ਵੱਖ-ਵੱਖ ਰਾਜਾਂ ਵਿੱਚ ਸਥਿਤੀ ਨੂੰ ਨਾਜ਼ੁਕ ਬਣਾ ਦਿੱਤਾ ਹੈ:
– ਨਾਗਾਲੈਂਡ: ਹਾਲ ਹੀ ਵਿੱਚ ਜ਼ਮੀਨ ਖਿਸਕਣ ਕਾਰਨ 6 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲਾਪਤਾ ਹਨ। ਚੂਮਾਉਕੇਦੀਮਾ ਜ਼ਿਲ੍ਹੇ ਵਿੱਚ ਢਿੱਗਾਂ ਡਿੱਗਣ ਕਾਰਨ NH-29 ਸੜਕ ਵੀ ਰੁੜ੍ਹ ਗਈ।ਮਹਾਰਾਸ਼ਟਰ: ਮਰਾਠਵਾੜਾ ਖੇਤਰ ਵਿੱਚ ਮੀਂਹ ਕਾਰਨ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 1100 ਤੋਂ ਵੱਧ ਘਰ ਢਹਿ ਗਏ ਹਨ। 1400 ਤੋਂ ਵੱਧ ਪਿੰਡ ਪ੍ਰਭਾਵਿਤ ਹੋਏ ਹਨ।
– ਹਿਮਾਚਲ ਪ੍ਰਦੇਸ਼: ਲਗਾਤਾਰ ਬਾਰਿਸ਼ ਕਾਰਨ ਦੋ ਰਾਸ਼ਟਰੀ ਰਾਜਮਾਰਗ ਅਤੇ 100 ਤੋਂ ਵੱਧ ਸੜਕਾਂ ਬੰਦ ਹਨ। ਹਿਮਾਚਲ ਪ੍ਰਦੇਸ਼ ਵਿੱਚ ਮਾਨਸੂਨ ਦੌਰਾਨ ਹੁਣ ਤੱਕ 150 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਨ੍ਹਾਂ ਹਾਲਾਤਾਂ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ ਅਤੇ ਪ੍ਰਭਾਵਿਤ ਇਲਾਕਿਆਂ ‘ਚ ਰਾਹਤ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ।