ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਠੀਕ ਨਹੀਂ ਹੈ। ਸਵੇਰੇ ਖਬਰ ਆਈ ਕਿ ਮੁੱਖ ਮੰਤਰੀ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦੇ ਕਈ ਟੈਸਟ ਕੀਤੇ ਗਏ ਹਨ, ਜਿਨ੍ਹਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਕੋਈ ਚਿੰਤਾਜਨਕ ਖਬਰ ਨਹੀਂ ਹੈ। ਕਿਉਂਕਿ ਮੁੱਖ ਮੰਤਰੀ ਰੁਟੀਨ ਚੈਕਅੱਪ ਲਈ ਹਸਪਤਾਲ ਗਏ ਹੋਏ ਹਨ।ਇੱਥੇ ਦੱਸਣਾ ਬਣਦਾ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਡਿੱਗਣ ਦੀ ਖ਼ਬਰ ਸਾਹਮਣੇ ਆਈ ਸੀ, ਜਿਸ ਤੋਂ ਬਾਅਦ ਭਗਵੰਤ ਮਾਨ ਦੀ ਸਿਹਤ ਖ਼ਰਾਬ ਹੋਣ ਦੀਆਂ ਕਿਆਸਅਰਾਈਆਂ ਲਾਈਆਂ ਗਈਆਂ ਸਨ।
ਇਸ ਮਾਮਲੇ ‘ਤੇ ਬੇਸ਼ੱਕ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਸੀ ਕਿ ਉਹ ਡਿੱਗੇ ਨਹੀਂ ਸਨ, ਸਗੋਂ ਆਪਣੇ ਜੁੱਤੀਆਂ ਦੀ ਪੱਟੀ ਬੰਨ੍ਹ ਰਹੇ ਸਨ। ਅਧਿਕਾਰਤ ਤੌਰ ‘ਤੇ ਨਾ ਤਾਂ ਕਿਸੇ ਨੇ ਉਨ੍ਹਾਂ ਦੇ ਬੀਮਾਰ ਹੋਣ ਦੀ ਪੁਸ਼ਟੀ ਕੀਤੀ ਹੈ ਅਤੇ ਨਾ ਹੀ ਇਸ ਚਰਚਾ ‘ਤੇ ਕਿਸੇ ਨੇ ਕੋਈ ਸਪੱਸ਼ਟੀਕਰਨ ਦਿੱਤਾ ਹੈ, ਪਰ ਇਹ ਖਬਰ ਮੀਡੀਆ ‘ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਮੁੱਖ ਮੰਤਰੀ ਸੱਚਮੁੱਚ ਬੀਮਾਰ ਹਨ।