ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਵਾਰਡ ਨੰਬਰ 41 ਅਧੀਨ ਆਉਦੀ ਲੌਂਗੋਵਾਲ ਸਟਰੀਟ ਨੂੰ ਕੌਸਲਰ ਕੋਟੇ ਵਿਚੋਂ ਆਰ.ਐਮ.ਸੀ ਨਾਲ ਪੱਕਾ ਕਰਵਾਉਣ ਦੇ ਕੰਮ ਦਾ ਉਦਘਾਟਨ ਕੀਤਾ। ਜਿਸ ‘ਤੇ ਕੁੱਲ 54 ਲੱਖ 82 ਹਜ਼ਾਰ ਰੁਪਏ ਦੀ ਲਾਗਤ ਆਵੇਗੀ।
ਪੰਜਾਬ ਅਤੇ ਹੋਰਨਾਂ ਸੂਬਿਆ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਲਗਾਤਾਰ ਹੋ ਰਹੀ ਬੇਅਦਬੀ ਦੀਆਂ ਘਟਨਾਵਾ ‘ਤੇ ਆਪਣੀ ਪ੍ਰਤੀਕਿਰਆ ਜ਼ਾਹਰ ਕਰਦਿਆ ਕਿਹਾ ਕਿ ਦਿਨ ਪ੍ਰਤੀ ਦਿਨ ਬੇਅਦਬੀ ਦੀਆਂ ਘਟਨਾਵਾਂ ਵਿਚ ਹੋ ਰਹੇ ਵਾਧੇ ਨੂੰ ਠੱਲ ਪਾਉਣ ਲਈ ਸਰਕਾਰ ਨੂੰ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਹੁਣ ਤਾਂ ਸਿੱਖਾਂ ਦੇ ਕੇਂਦਰ ਸ਼੍ਰੀ ਹਰਿਮੰਦਰ ਸਾਹਿਬ ਵਿਚ ਵੀ ਦੋਸ਼ੀਆਂ ਵਲੋਂ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ। ਜਿਸ ਨਾਲ ਸਿੱਖ ਕੌਮ ਦੇ ਮਨ ਨੂੰ ਕਾਫੀ ਠੇਸ ਪਹੁੰਚੀ ਹੈ।
ਵਿਧਾਇਕ ਬੈਂਸ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਮੁੱਦੇ ‘ਤੇ ਸਖ਼ਤੀ ਨਾਲ ਜਾਂਚ ਕੀਤੀ ਜਾਵੇ, ਤਾਂ ਜੋ ਬੇਅਦਬੀ ਦੀ ਘਟਨਾ ਪਿੱਛੇ ਜਿਹੜੀ ਵੀ ਤਾਕਤ ਕੰਮ ਕਰ ਰਹੀ ਹੈ ਉਸ ਦਾ ਪਰਦਾਫਾਸ ਕੀਤਾ ਜਾ ਸਕੇ। ਇਸ ਮੌਕੇ ਉਹਨਾਂ ਦੇ ਨਾਲ ਇਲਾਕਾ ਕੌਂਸਲਰ ਸਿਕੰਦਰ ਸਿੰਘ ਪੰਨੂ ਵੀ ਮੌਜੂਦ ਸਨ। ਉਦਘਾਟਨ ਦੌਰਾਨ ਇਲਾਕਾ ਨਿਵਾਸੀਆ ਨੇ ਵਿਧਾਇਕ ਬੈਂਸ ਅਤੇ ਕੌਸਲਰ ਪੰਨੂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ।