ਲੁਧਿਆਣਾ : ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਡਾ. ਅਸ਼ੋਕ ਕੁਮਾਰ, ਨਿਰਦੇਸ਼ਕ ਪਸਾਰ ਸਿੱਖਿਆ ਦੀ ਯੋਗ ਰਹਿਨੁਮਾਈ ਹੇਠ ਅੱਜ ਕਿਸਾਨ ਕਲੱਬ (ਲੇਡੀਜ ਵਿੰਗ) ਦਾ ਮਹੀਨਾਵਾਰ ਸਿਖਲਾਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਕੁਲਦੀਪ ਸਿੰਘ ਪੰਧੂ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਮੰਤਵ ਕਿਸਾਨ ਬੀਬੀਆਂ ਨੂੰ ਆਮਦਨ ਵਧਾਉਣ ਦੇ ਵਸੀਲਿਆਂ ਬਾਰੇ ਜਾਣਕਾਰੀ ਸਾਂਝੀ ਕਰਨਾ ਹੈ।
ਇਸ ਮੌਕੇ ਕਿਸਾਨ ਕਲੱਬ (ਲੇਡੀਜ ਵਿੰਗ) ਦੇ ਕੋਆਰਡੀਨੇਟਰ ਡਾ. ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕੈਂਪ ਵਿੱਚ 52 ਕਿਸਾਨ ਬੀਬੀਆਂ ਨੇ ਭਾਗ ਲਿਆ। ਉਹਨਾਂ ਨੇ ਕਿਸਾਨ ਬੀਬੀਆਂ ਨੂੰ ਖੇਤੀ ਸਹਾਇਕ ਧੰਦਿਆਂ ਦੀ ਤਕਨੀਕੀ ਜਾਣਕਾਰੀ ਪ੍ਰਾਪਤ ਕਰਕੇ ਚੰਗਾ ਮੁਨਾਫਾ ਕਮਾਉਣ ਲਈ ਪ੍ਰੇਰਿਤ ਕੀਤਾ।
ਭੋਜਨ ਤੇ ਪੋਸ਼ਣ ਵਿਭਾਗ ਤੋਂ ਡਾ. ਮੌਨਿਕਾ ਚੌਧਰੀ ਅਤੇ ਡਾ. ਅਮਰਜੀਤ ਕੌਰ ਨੇ ਅੰਬਾਂ ਤੋਂ ਸਕੁਐਸ਼, ਫਰੂਟੀ ਅਤੇ ਵੱਖ-ਵੱਖ ਤਰਾਂ ਦੇ ਪੌਸ਼ਟਿਕ ਸੈਂਡਵਿਚ ਬਨਾਉਣ ਬਾਰੇ ਪ੍ਰੈਕਟੀਕਲ ਜਾਣਕਾਰੀ ਸਾਂਝੀ ਕੀਤੀ। ਅੰਤ ਵਿੱਚ ਡਾ. ਰੁਪਿੰਦਰ ਕੌਰ ਨੇ ਸਾਰੀਆਂ ਕਿਸਾਨ ਬੀਬਆਂ ਦਾ ਅਤੇ ਯੂਨੀਵਰਸਿਟੀ ਦੇ ਵਿਸ਼ਾ ਮਾਹਿਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸਿਖਲਾਈ ਕੈਂਪ ਕਿਸਾਨ ਬੀਬੀਆਂ ਲਈ ਗਿਆਨਵਰਧਕ ਸਿੱਧ ਹੋਵੇਗਾ।