ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੈਂਬਰਾਂ ਦੀ ਨਿਯੁਕਤੀ ਖਤਮ ਕਰਨ ਸੰਬੰਧੀ ਕੀਤੇ ਗਏ ਫੈਸਲੇ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਇਕ ਵਾਰ ਫਿਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ।
ਮੁੱਖ ਦਫਤਰ ਵਿਖੇ ਕੋਟ ਮੰਗਲ ਸਿੰਘ ਵਿਖੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਕ ਵਾਰ ਫਿਰ ਪੰਜਾਬੀਆਂ ਨਾਲ ਸ਼ਰੇਆਮ ਧੱਕਾ ਕਰਦੇ ਹੋਏ ਪੰਜਾਬ ਵਿਚ ਹੀ ਬਣੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਮੈਂਬਰਾਂ ਦੀ ਨਿਯੁਕਤੀ ਸੰਬੰਧੀ ਪੰਜਾਬੀਆਂ ਦੇ ਹੱਕਾਂ ‘ਤੇ ਡਾਕਾ ਮਾਰ ਕੇ ਇਸ ਨੂੰ ਖਤਮ ਕੀਤਾ ਹੈ, ਪਰ ਪੰਜਾਬੀ ਅਜਿਹਾ ਕਦੀ ਨਹੀਂ ਹੋਣ ਦੇਣਗੇ।
ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਪੰਜਾਬ ਤੋਂ ਰਾਜਸਥਾਨ, ਹਰਿਆਣਾ ਤੇ ਦਿੱਲੀ ਨੂੰ ਜਾ ਰਹੇ ਪਾਣੀ ਦੀ ਕੀਮਤ ਦਾ ਬਿੱਲ ਬਣਾ ਕੇ ਭੇਜੇ ਕਿਉਂਕਿ 16 ਨਵੰਬਰ 2016 ਨੂੰ ਪੰਜਾਬ ਵਿਧਾਨ ਸਭਾ ਵਿਚ ਇਹ ਬਿੱਲ ਪਾਸ ਹੋ ਚੁੱਕਾ ਹੈ, ਜਿਸ ਅਨੁਸਾਰ ਪੰਜਾਬ ਨੇ ਇਕੱਲੇ ਰਾਜਸਥਾਨ ਤੋਂ ਹੀ ਪੰਜਾਬ ਦੇ ਪਾਣੀ ਦੀ ਕੀਮਤ 16 ਲੱਖ ਕਰੋੜ ਰੁਪਏ ਲੈਣੀ ਹੈ, ਜਦਕਿ ਹਰਿਆਣਾ ਅਤੇ ਦਿੱਲੀ ਤੋਂ ਪਾਣੀ ਦੀ ਕੀਮਤ ਦਾ ਬਿੱਲ ਅਲੱਗ ਤੋਂ ਹੈ।
ਦੂਜੇ ਪਾਸੇ ਦਿੱਲੀ ਸਰਕਾਰ ਹਿਮਾਚਲ ਪ੍ਰਦੇਸ਼ ਤੋਂ ਲਏ ਗਏ ਪਾਣੀ ਦੀ ਕੀਮਤ ਹਰ ਸਾਲ ਹਿਮਾਚਲ ਪ੍ਰਦੇਸ਼ ਨੂੰ ਦੇ ਰਹੀ ਹੈ, ਜਦਕਿ ਪੰਜਾਬ ਨੂੰ ਵੀ ਰਾਜਸਥਾਨ, ਹਰਿਆਣਾ ਅਤੇ ਦਿੱਲੀ ਸਰਕਾਰ ਪਾਣੀ ਦੀ ਬਣਦੀ ਕੀਮਤ ਦੇਵੇ।