ਲੁਧਿਆਣਾ : ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਜਿਸ ‘ਤੇ ਗੈਰ-ਕਾਨੂੰਨੀ ਮਾਈਨਿੰਗ, ਖੁੱਲ੍ਹੇ ਬੋਰ, ਵਾਤਾਵਰਨ ਪ੍ਰਦੂਸ਼ਣ, ਪਰਾਲੀ ਸਾੜਨ, ਟ੍ਰੈਫਿਕ ਸਮੱਸਿਆ, ਸਰਕਾਰੀ ਜਾਇਦਾਦਾਂ ‘ਤੇ ਨਾਜਾਇਜ਼ ਕਬਜ਼ਿਆਂ, ਨਸ਼ਾ ਛੁਡਾਊ ਕੇਂਦਰਾਂ, ਟਰੈਵਲ ਏਜੰਟਾਂ ਆਦਿ ਨਾਲ ਸਬੰਧਤ ਸ਼ਿਕਾਇਤਾਂ ਦਰਜ਼ ਕਰਵਾਈਆਂ ਜਾ ਸਕਦੀਆਂ ਹਨ।
ਇਸ ਵਟਸਐਪ ਹੈਲਪਲਾਈਨ ਨੰਬਰ 79735-30515 ਰਾਹੀਂ ਵਸਨੀਕ ਆਪਣੀਆਂ ਸ਼ਿਕਾਇਤਾਂ ਦਰਜ਼ ਕਰਵਾ ਸਕਦੇ ਹਨ। ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਇਹ ਹੈਲਪਲਾਈਨ ਨੰਬਰ 24 ਘੰਟੇ ਚਾਲੂ ਰਹੇਗਾ ਅਤੇ ਇਸ ਹੈਲਪਲਾਈਨ ਨੰਬਰ ‘ਤੇ ਪ੍ਰਾਪਤ ਹੋਣ ਵਾਲੀਆਂ ਸਾਰੀਆਂ ਸ਼ਿਕਾਇਤਾਂ ਨੂੰ ਸਮੇਂ ਸਿਰ ਨਿਪਟਾਉਣ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਸਟਾਫ਼ ਤਾਇਨਾਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਵੱਖ-ਵੱਖ ਅਧਿਕਾਰੀਆਂ ਨੂੰ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਸਨ, ਜਿਸ ਕਾਰਨ ਕਈ ਵਾਰ ਸ਼ਿਕਾਇਤਾਂ ਦਾ ਨਿਪਟਾਰਾ ਸਮੇਂ ਸਿਰ ਨਹੀਂ ਹੁੰਦਾ ਸੀ ਪਰ ਹੁਣ ਵਸਨੀਕ ਇਸ ਹੈਲਪਲਾਈਨ ਨੰਬਰ ‘ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦਾ ਭਰੋਸਾ ਵੀ ਦਿੱਤਾ।