ਲੁਧਿਆਣਾ : ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਦੀ ਦੇਖ ਰੇਖ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਵਿੱਚ ਬੰਦੀਆਂ ਦੇ ਕੇਸਾਂ ਨਾਲ ਸਬੰਧਤ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੀ ਵੱਖਰੇ-ਵੱਖਰੇ ਤੌਰ ‘ਤੇ ਸੁਣਵਾਈ ਲਈ ਤਿੰਨ ਦਿਨਾਂ ਵਿਸ਼ੇਸ਼ ਕੈਂਪ ਲਗਾਇਆ ਗਿਆ।
ਇਸ ਕੈਂਪ ਦੇ ਤੀਜੇ ਦਿਨ ਸ੍ਰੀ ਜਸਵਿੰਦਰ ਸਿੰਘ, ਸ੍ਰੀ ਜੁਗਰਾਜ ਸਿੰਘ, ਮੈਡਮ ਸ਼ਿਵਾਨੀ, ਮੈਡਮ ਜਸਕਿਰਨ ਸੋਂਧ, ਮੈਡਮ ਮਮਤਾ ਮਹਿਮੀ (Under-Trainee Judicial Officers) ਵੱਲੋਂ ਕੇਂਦਰੀ ਜੇਲ੍ਹ, ਲੁਧਿਆਣਾ ਵਿੱਚ ਲਗਭਗ 650 ਬੰਦੀਆਂ ਨਾਲ ਇਕੱਲੇ-ਇਕੱਲੇ ਤੌਰ ‘ਤੇ ਗੱਲਬਾਤ ਕੀਤੀ ਗਈ। ਮਾਨਯੋਗ ਨਿਆਂਇਕ ਅਧਿਕਾਰੀ ਸਾਹਿਬਾਨ ਵੱਲੋਂ ਹਰੇਕ ਬੰਦੀ ਨੂੰ ਉਨ੍ਹਾਂ ਦੇ ਕੇਸਾਂ ਸਬੰਧੀ ਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਜੇਲ੍ਹ ਵਿੱਚ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਪੁੱਛਿਆ ਗਿਆ।
ਇਸ ਦੌਰਾਨ ਹਰੇਕ ਹਵਾਲਾਤੀ ਅਤੇ ਕੈਦੀ ਨੂੰ ਇਹ ਵੀ ਦੱਸਿਆ ਗਿਆ ਕਿ ਜੇਕਰ ਉਹ ਆਪਣੇ ਕੇਸ ਦੀ ਪੈਰਵੀ ਕਰਨ ਲਈ ਆਪਣੇ ਪ੍ਰਾਈਵੇਟ ਪੱਧਰ ‘ਤੇ ਐਡਵੋਕੇਟ ਨਿਯੁਕਤ ਕਰਨ ਵਿੱਚ ਅਸਮਰੱਥ ਹਨ ਤਾਂ ਉਹ ਮੁਫਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ। ਇਸ ਦੌਰਾਨ ਲੋੜਵੰਦ ਬੰਦੀਆਂ ਦੇ ਮੌਕੇ ‘ਤੇ ਹੀ ਕਾਨੂੰਨੀ ਸਹਾਇਤਾ ਦੇ ਫਾਰਮ ਵੀ ਭਰਵਾਏ ਗਏ ।