ਲੁਧਿਆਣਾ : ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ‘ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਲੁਧਿਆਣਾ ‘ਚ ਵੀ ਡੀਸੀ ਤੇ ਸੀਪੀ ਦਫ਼ਤਰਾਂ ‘ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਪੂਰੀ ਜਾਂਚ ਤੋਂ ਬਾਅਦ ਹੀ ਲੋਕਾਂ ਨੂੰ ਅੰਦਰ ਜਾਣ ਦਿੱਤਾ ਜਾ ਰਿਹਾ ਹੈ। ਡੀਸੀ ਤੇ ਸੀਪੀ ਦਫ਼ਤਰਾਂ ‘ਚ ਆਉਣ ਵਾਲੇ ਲੋਕਾਂ ਦਾ ਰਿਕਾਰਡ ਰੱਖਿਆ ਜਾ ਰਿਹਾ ਹੈ। ਲੋਕਾਂ ਨੂੰ ਆਪਣਾ ਆਧਾਰ ਕਾਰਡ ਜਾਂ ਹੋਰ ਪਛਾਣ ਪੱਤਰ ਚੈੱਕ ਕਰਨ ਤੋਂ ਬਾਅਦ ਹੀ ਐਂਟਰੀ ਮਿਲ ਰਹੀ ਹੈ।
ਪੁਲਿਸ ਕਮਿਸ਼ਨਰ ਡਾ.ਕੌਸਤੁਭ ਸ਼ਰਮਾ ਨੇ ਸਾਰੀਆਂ ਸਰਕਾਰੀ ਇਮਾਰਤਾਂ ਦੀ ਸੁਰੱਖਿਆ ਸਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਪੁਲਿਸ ਵੱਲੋਂ ਸਾਰੀਆਂ ਸੰਵੇਦਨਸ਼ੀਲ ਥਾਵਾਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਕੰਟਰੋਲ ਰੂਮ ਅਧੀਨ ਚੱਲ ਰਹੇ ਵਾਹਨਾਂ ਤੇ ਮੋਟਰਸਾਈਕਲਾਂ ਦੇ ਮੁਲਾਜ਼ਮਾਂ ਨੂੰ ਵੀ ਚੌਕਸ ਰਹਿਣ ਲਈ ਕਿਹਾ ਗਿਆ ਹੈ।
ਮੰਗਲਵਾਰ ਨੂੰ ਪੁਲਿਸ ਕਮਿਸ਼ਨਰ ਨੇ ਲੁਧਿਆਣਾ ਰੇਲਵੇ ਸਟੇਸ਼ਨ ‘ਤੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ‘ਚ ਰੇਲਵੇ ਡਾਇਰੈਕਟਰ, ਜੀਆਰਪੀ ਦੇ ਐਸਐਚਓ, ਐਸਪੀ ਅਤੇ ਹੋਰ ਅਧਿਕਾਰੀ ਮੌਜੂਦ ਸਨ। ਇਸ ਦੌਰਾਨ ਰੇਲਵੇ ਸਟੇਸ਼ਨ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕੀਤੀ ਗਈ।