Connect with us

ਖੇਤੀਬਾੜੀ

 ਖੇਤੀ ਮਸ਼ੀਨਾਂ ‘ਤੇ ਸਬਸਿਡੀ ਲੈਣ ਲਈ ਕਿਸਾਨ 20 ਜੁਲਾਈ ਤੱਕ ਦੇਣ ਅਰਜ਼ੀ : ਡਿਪਟੀ ਕਮਿਸ਼ਨਰ

Published

on

Farmers to submit application till July 20 to get subsidy on agricultural machinery: Deputy Commissioner

ਲੁਧਿਆਣਾ :  ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਸੰਭਾਲਣ ਵਾਲੀਆਂ ਮਸ਼ੀਨਾਂ ਦੇ ਨਾਲ-ਨਾਲ ਫਸਲੀ ਵਿਭਿੰਨਤਾ ਨੂੰ ਪ੍ਰਫੁੱਲਿਤ ਕਰਨ ਲਈ ਵੀ ਖੇਤੀ ਮਸ਼ੀਨਾਂ ਤੇ ਸਬਸਿਡੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਸਬਸਿਡੀ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕੇਨਾਈਜ਼ੇਸ਼ਨ (ਸਮੈਮ) ਸਕੀਮ ਅਧੀਨ ਦਿੱਤੀ ਜਾ ਰਹੀ ਹੈ।

ਕਿਸਾਨ ਇਹ ਬਿਨੈ-ਪੱਤਰ ਆਨਲਾਈਨ ਮਾਧਿਅਮ ਰਾਹੀਂ ਖੇਤੀਬਾੜੀ ਵਿਭਾਗ ਦੇ ਪੋਰਟਲ ਤੇ ਮਿਤੀ 20 ਜੁਲਾਈ 2023 ਤੱਕ ਦੇ ਸਕਦੇ ਹਨ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਇਹਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਤਾਂ ਜੋ ਰਵਾਇਤੀ ਫਸਲੀ ਚੱਕਰ ਤੋਂ ਥੋੜਾ ਥੋੜਾ ਬਦਲਾਅ ਕਰਕੇ ਹੋਰਨਾਂ ਫਸਲਾਂ ਵਿੱਚ ਵੀ ਕਾਮਯਾਬੀ ਹਾਸਲ ਕੀਤੀ ਜਾ ਸਕੇ।

ਮੁੱਖ ਖੇਤੀਬਾੜੀ ਅਫਸਰ ਡਾ. ਨਰਿੰਦਰ ਸਿੰਘ ਬੈਨੀਪਾਲ ਵੱਲੋਂ ਦੱਸਿਆ ਗਿਆ ਕਿ ਝੋਨੇ ਦੀ ਮਕੈਨੀਕਲ ਟਰਾਂਸਪਲਾਂਟਿੰਗ ਲਈ ਪੈਡੀ ਟਰਾਂਸਪਲਾਂਟਰ, ਪੀ.ਟੀ.ਓ ਓਪਰੇਟਿਡ ਬੰਡ ਫੌਰਮਰ, ਝੋਨੇ ਦੀ ਸਿੱਧੀ ਬਿਜਾਈ ਵਾਲੀ ਡੀ.ਐਸ.ਆਰ ਡਰਿੱਲ, ਤੇਲ ਮਿੱਲ, ਪੋਟੈਟੋ ਪਲਾਂਟਰ, ਮਿੰਨੀ ਪ੍ਰੋਸੈਸਿੰਗ ਪਲਾਂਟ, ਟਰੈਕਟਰ ਓਪਰੇਟਿਡ ਬੂਮ ਸਪਰੇਅਰ, ਪੈਡੀ ਨਰਸਰੀ ਸੀਡਰ ਆਦਿ ਮਸ਼ੀਨਾਂ ਦੀ ਖਰੀਦ ਤੇ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਇੰਜ: ਅਮਨਪ੍ਰੀਤ ਸਿੰਘ ਘੇਈ ਨੇ ਦੱਸਿਆ ਕਿ ਅਰਜ਼ੀ ਭਰਨ ਸਮੇਂ ਕਿਸਾਨਾਂ ਕੋਲ ਆਧਾਰ ਕਾਰਡ, ਪਾਸਪੋਰਟ ਸਾਈਜ਼ ਫੋਟੋ ਅਤੇ ਅਨੁਸੂਚਿਤ ਜਾਤੀ ਸਰਟੀਫਿਕੇਟ (ਜੇਕਰ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਿਤ ਹੋਵੇ) ਆਦਿ ਦੀਆਂ ਸਕੈਨਡ ਕਾਪੀਆਂ ਹੋਣੀਆਂ ਲਾਜ਼ਮੀ ਹਨ। ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਹੋਰ ਸੰਸਥਾਵਾਂ ਦੇ ਮੁਖੀ ਅਤੇ ਮੈਂਬਰਾਂ ਦੇ ਆਧਾਰ ਕਾਰਡ ਨੰਬਰ ਅਤੇ ਰਜਿਸਟਰੇਸ਼ਨ ਸਰਟੀਫਿਕੇਟ ਹੋਣਾ ਜ਼ਰੂਰੀ ਹੈ।

ਡਾ. ਬੈਨੀਪਾਲ ਨੇ ਦੱਸਿਆ ਕਿ ਅਰਜ਼ੀਆਂ ਪ੍ਰਾਪਤ ਹੋਣ ਉਪਰੰਤ ਵਿਭਾਗ ਤੋਂ ਪ੍ਰਾਪਤ ਹਦਾਇਤਾਂ ਅਨੁਸਾਰ ਲੋੜ ਪੈਣ ਤੇ ਡਰਾਅ ਸਿਸਟਮ ਰਾਹੀਂ ਯੋਗ ਬਿਨੈਕਾਰਾਂ ਦੀ ਚੋਣ ਕੀਤੀ ਜਾਵੇਗੀ। ਕਿਸਾਨਾਂ ਨੂੰ ਮੰਜ਼ੂਰੀ ਪੱਤਰ ਪੋਰਟਲ ਰਾਹੀਂ ਹੀ ਜਾਰੀ ਕੀਤੇ ਜਾਣਗੇ, ਜਿਸ ਉਪਰੰਤ ਕਿਸਾਨ ਮਿੱਥੇ ਸਮੇਂ ਦੇ ਅੰਦਰ-ਅੰਦਰ ਵਿਭਾਗ ਵਲੋਂ ਪ੍ਰਵਾਨਿਤ ਅਤੇ ਪੋਰਟਲ ਵਿੱਚ ਦਰਜ ਕਿਸੇ ਵੀ ਮਸ਼ੀਨਰੀ ਨਿਰਮਾਤਾ ਜਾਂ ਡੀਲਰ ਤੋਂ ਮਸ਼ੀਨ ਦੀ ਖਰੀਦ ਕਰ ਸਕਣਗੇ।

Facebook Comments

Trending