ਲੁਧਿਆਣਾ : ਪੁਲਸ ਨੇ ਕੈਨੇਡਾ ਭੇਜਣ ਦੇ ਬਹਾਨੇ 23 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਏਐਸਆਈ ਦਵਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪਛਾਣ ਪੰਚਕੂਲਾ ਦੇ ਮਨਸਾ ਕੰਪਲੈਕਸ ਦੇ ਸੈਕਟਰ 5 ਦੇ ਵਸਨੀਕ ਅਨਿਲ ਕੁਮਾਰ ਅਤੇ ਉਸ ਦੇ ਪਿਤਾ ਜਗਦੀਸ਼ ਕੁਮਾਰ ਵਜੋਂ ਹੋਈ ਹੈ।
ਪੁਲਸ ਨੇ ਉਨ੍ਹਾਂ ਖਿਲਾਫ ਇਹ ਮਾਮਲਾ ਹੈਬੋਵਾਲ ਦੇ ਜੱਸੀਆਂ ਰੋਡ ਤੇ ਜਗਤ ਨਗਰ ਦੇ ਰਹਿਣ ਵਾਲੇ ਦੀਪਕ ਖੰਨਾ ਦੀ ਸ਼ਿਕਾਇਤ ‘ਤੇ ਦਰਜ ਕੀਤਾ ਹੈ। 7 ਫਰਵਰੀ 2022 ਨੂੰ ਪੁਲਿਸ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ ਵਿਚ ਉਸ ਨੇ ਦੱਸਿਆ ਕਿ ਦੋਸ਼ੀ ਨੇ ਉਸ ਨੂੰ ਵਰਕ ਪਰਮਿਟ ‘ਤੇ ਕੈਨੇਡਾ ਭੇਜਣ ਦੇ ਬਹਾਨੇ ਉਸ ਤੋਂ 23 ਲੱਖ ਰੁਪਏ ਲੈ ਲਏ। ਪਰ ਬਾਅਦ ਵਿਚ ਉਸ ਨੂੰ ਨਾ ਤਾਂ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਗਏ।
ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਦੋਸ਼ ਸਹੀ ਪਾਏ ਜਾਣ ‘ਤੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰਨ ਦੀ ਸਿਫਾਰਸ਼ ਕੀਤੀ। ਡੀ ਏ ਲੀਗਲ ਦੀ ਰਾਏ ਲੈਣ ਤੋਂ ਬਾਅਦ ਪੁਲਸ ਨੇ ਦੋਵਾਂ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।