ਲੁਧਿਆਣਾ : ਵਪਾਰ ਕਰਾਉਣ ਦਾ ਝਾਂਸਾ ਦੇ ਕੇ ਨੌਜਵਾਨਾਂ ਨੂੰ 95 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮਾਡਲ ਟਾਊਨ ਦੇ ਰਹਿਣ ਵਾਲੇ ਹਰਬੀਰ ਸਿੰਘ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਸਾਊਥ ਸਿਟੀ ਦੇ ਰਹਿਣ ਵਾਲੇ ਵਿਨੇ ਬਾਂਸਲ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਨੇ ਸਟਾਕ ਐਕਸਚੇਂਜ ਦੇ ਕਾਰੋਬਾਰ ‘ਚ ਮੁਹਾਰਤ ਹੋਣ ਦਾ ਝਾਂਸਾ ਦੇ ਕੇ ਉਸ ਪਾਸੋਂ 95 ਲੱਖ ਰੁਪਏ ਆਪਣੇ ਖਾਤੇ ‘ਚ ਤਬਦੀਲ ਕਰਵਾ ਲਏ ਤੇ ਵਪਾਰ ਵਿਚ ਪੈਸੇ ਨਹੀਂ ਲਗਾਏ। ਕਥਿਤ ਦੋਸ਼ੀ ਵਲੋਂ ਜਦੋਂ ਉਸ ਪਾਸੋਂ ਪੈਸੇ ਦੀ ਮੰਗ ਕੀਤੀ ਤਾਂ ਉਸ ਨੇ 10 ਲੱਖ ਰੁਪਏ ਦਾ ਚੈੱਕ ਦਿੱਤਾ, ਜੋ ਕਿ ਬੈਂਕ ਵਿਚ ਭੇਜਣ ‘ਤੇ ਫੇਲ੍ਹ ਹੋ ਗਿਆ।
ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ‘ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ‘ਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ।