ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਪੀ.ਏ.ਯੂ. ਦੇ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਤੇ ਪੀ.ਏ.ਯੂ. ਦੇ ਕੱਚੇ ਮੁਲਾਜ਼ਮਾਂ ਨੇ ਮੰਗਾਂ ਨਾ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ।
ਪੀ.ਏ.ਯੂ. ਤੇ ਗਡਵਾਸੂ ਦੇ ਅਧਿਆਪਕਾਂ ਵਲੋਂ 7ਵੇਂ ਤਨਖ਼ਾਹ ਕਮਿਸ਼ਨ ਅਤੇ ਯੂ.ਸੀ.ਜੀ. ਦੇ ਤਨਖ਼ਾਹ ਗ੍ਰੇਡ ਅਨੁਸਾਰ ਤਨਖ਼ਾਹ ਦੇਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਤੇ ਯੂਨੀਵਰਸਿਟੀ ਦੇ ਪ੍ਰਬੰਧਕਾਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅਧਿਆਪਕਾਂ ਦੇ ਆਗੂ ਡਾ.ਹਰਮੀਤ ਸਿੰਘ ਕਿੰਗਰਾ ਅਧਿਆਪਕਾਂ ਦੀਆਂ ਮੰਗਾਂ ਮਨਵਾਉਣ ਲਈ ਮਰਨ ਵਰਤ ‘ਤੇ ਬੈਠੇ ਸਨ ਪਰ ਪੰਜਾਬ ਸਰਕਾਰ ਵਲੋਂ ਮੰਗਾਂ ਮੰਨਣ ਦਾ ਭਰੋਸਾ ਦੁਆ ਕੇ ਉਨ੍ਹਾਂ ਦਾ ਮਰਨ ਵਰਤ ਖੁੱਲ੍ਹਵਾ ਦਿੱਤਾ ਗਿਆ ਸੀ।
ਪੰਜਾਬ ਸਰਕਾਰ ਵਲੋਂ ਕੈਬਨਿਟ ‘ਚ ਅਧਿਆਪਕਾਂ ਦਾ ਮਤਾ ਪਾਸ ਨਾ ਕਰਨ ਕਰਕੇ ਅਧਿਆਪਕਾਂ ਵਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਪੀ.ਏ.ਯੂ. ਦੇ ਸਫ਼ਾਈ ਸੇਵਕਾਂ ਵਲੋਂ ਵੀ ਪੱਕਾ ਕਰਨ ਤੇ ਤਨਖ਼ਾਹਾਂ ਵਧਾਉਣ ਦੀ ਮੰਗ ਨੂੰ ਲੈ ਕੇ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਭਾਵੇਂ ਕਿ ਪੀ.ਏ.ਯੂ. ਦੇ ਪ੍ਰਬੰਧਕੀ ਬੋਰਡ ਵਲੋਂ ਵੱਖ-ਵੱਖ ਅਸਾਮੀਆਂ ਭਰਨ ਨੂੰ ਮੰਨਜ਼ੂਰੀ ਦੇ ਕੇ ਫਾਈਲ ਪੰਜਾਬ ਸਰਕਾਰ ਵਲੋਂ ਭੇਜ ਦਿੱਤੀ ਗਈ ਹੈ।