ਲੁਧਿਆਣਾ : ਪੰਜਾਬ ਸਰਕਾਰ ਵਲੋਂ ਸੂਬੇ ਭਰ ਦੇ 21 ਜ਼ਿਲ੍ਹਿਆਂ ਨਾਲ ਸਬੰਧਿਤ 6061 ਪਰਿਵਾਰਾਂ ਨੂੰ ਨਵੇਂ ਰਾਸ਼ਨ ਡਿਪੂ ਅਲਾਟ ਕਰਨ ਸਬੰਧੀ ਨਿਰਧਾਰਤ ਕੀਤੀ ਗਈ ਸਮਾਂ ਹੱਦ ਹੁਣ 12 ਮਈ ਤੋਂ ਵਧਾ ਕੇ 22 ਮਈ ਕਰ ਦਿੱਤੀ ਗਈ ਹੈ। ਸਰਕਾਰ ਵਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਮੁਤਾਬਕ ਰਾਸ਼ਨ ਡਿਪੂ ਲੈਣ ਦੇ ਚਾਹਵਾਨ ਪਰਿਵਾਰ ਹੁਣ ਆਪਣੀਆਂ ਅਰਜ਼ੀਆਂ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਦਫ਼ਤਰ ’ਚ ਨਿਰਧਾਰਤ ਕੀਤੀ ਸਮਾਂ ਹੱਦ ਤੱਕ ਜਮ੍ਹਾਂ ਕਰਵਾ ਸਕਦੇ ਹਨ।
ਵਿਭਾਗ ਨੂੰ ਇਕੱਲੇ ਲੁਧਿਆਣਾ ਜ਼ਿਲ੍ਹੇ ਤੋਂ 760 ਅਰਜ਼ੀਆਂ ਪ੍ਰਾਪਤ ਹੋਈਆਂ ਹਨ, ਜਦੋਂਕਿ ਸਰਕਾਰ ਵਲੋਂ ਲੁਧਿਆਣਾ ਜ਼ਿਲ੍ਹੇ ’ਚ 501 ਨਵੇਂ ਰਾਸ਼ਨ ਡਿਪੂ ਅਲਾਟ ਕਰਨ ਦੀ ਰਣਨੀਤੀ ਤਿਆਰ ਕੀਤੀ ਗਈ ਹੈ। ਸਰਕਾਰ ਵਲੋਂ ਜਨਰਲ ਕੈਟਾਗਰੀ, ਐੱਸ. ਸੀ., ਬੀ. ਸੀ. ਪਰਿਵਾਰਾਂ, ਸਾਬਕਾ ਫ਼ੌਜੀਆਂ, ਆਜਾਦੀ ਘੁਲਾਟੀਆਂ, ਅਪਾਹਜ ਵਰਗ, ਦੰਗਾ ਪੀੜਤਾਂ ਅਤੇ ਅੱਤਵਾਦ ਪ੍ਰਭਾਵਿਤ ਪਰਿਵਾਰਾਂ ਸਮੇਤ ਸਵੈ-ਸੇਵੀ ਜੱਥੇਬੰਦੀਆਂ ਨਾਲ ਸਬੰਧਿਤ ਔਰਤਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਯੋਜਨਾ ’ਤੇ ਕੰਮ ਕੀਤਾ ਜਾ ਰਿਹਾ ਹੈ।