ਲੁਧਿਆਣਾ : ਅੱਜ ਇੱਥੇ ਢੋਲੇਵਾਲ ਚੌਕ ਨੇੜੇ ਸਥਿਤ ਪਾਰਕ ਵਿੱਚ ਭਗਵਾਨ ਪਰਸ਼ੂਰਾਮ ਜੀ ਦੀ ਮੂਰਤੀ ਦਾ ਉਦਘਾਟਨ ਕੀਤਾ ਗਿਆ। ਇਸ ਬੁੱਤ ਦਾ ਉਦਘਾਟਨ ਹਲਕਾ ਵਿਧਾਇਕ ਸ਼੍ਰੀਮਤੀ ਰਜਿੰਦਰਪਾਲ ਕੌਰ ਛੀਨਾ, ਸ੍ਰ ਕੁਲਵੰਤ ਸਿੰਘ ਸਿੱਧੂ ਅਤੇ ਸ਼੍ਰੀ ਅਸ਼ੋਕ ਪਰਾਸ਼ਰ ਪੱਪੀ ਤੋਂ ਇਲਾਵਾ ਕਈ ਹੋਰਾਂ ਦੀ ਮੌਜੂਦਗੀ ਵਿੱਚ ਕੀਤਾ ਗਿਆ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਭਗਵਾਨ ਵਿਸ਼ਨੂੰ ਜੀ ਦੇ ਛੇਵੇਂ ਅਵਤਾਰ ਭਗਵਾਨ ਪਰਸ਼ੂਰਾਮ ਜੀ ਦੀ ਕਾਂਸੀ ਦੀ ਮੂਰਤੀ ਢੋਲੇਵਾਲ ਚੌਕ, ਲੁਧਿਆਣਾ ਨੇੜੇ ਸਥਿਤ ਪਰਸ਼ੂਰਾਮ ਜੀ ਪਾਰਕ ਵਿਖੇ ਸਥਾਪਿਤ ਕੀਤੀ ਗਈ ਹੈ।

ਵਿਧਾਇਕ ਸ਼੍ਰੀਮਤੀ ਰਜਿੰਦਰਪਾਲ ਕੌਰ ਛੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਉਪਰਾਲਾ ਨੌਜਵਾਨਾਂ ਨੂੰ ਆਪਣੇ ਪੁਰਖਿਆਂ ਨਾਲ ਜੋੜਨ ਦਾ ਇੱਕ ਸਾਧਨ ਹੈ ਅਤੇ ਮਹਾਨ ਸੰਤਾਂ ਦੇ ਸਤਿਕਾਰ ਦਾ ਪ੍ਰਤੀਕ ਹੈ।

ਉਹਨਾਂ ਅੱਗੇ ਕਿਹਾ ਕਿ ਇਹ ਭਾਰਤ ਅਤੇ ਪੰਜਾਬ ਦੀ ਅਮੀਰ ਧਾਰਮਿਕ ਵਿਰਾਸਤ ਦੇ ਨਾਲ-ਨਾਲ ਇਤਿਹਾਸਕ ਅਤੇ ਸੱਭਿਆਚਾਰਕ ਵਿਰਸੇ ਬਾਰੇ ਨੌਜਵਾਨ ਪੀੜ੍ਹੀ ਵਿੱਚ ਜਾਗਰੂਕਤਾ ਪੈਦਾ ਕਰਨ ਵਿੱਚ ਮਦਦ ਕਰੇਗਾ।

ਇਸ ਮੌਕੇ ਹਵਨ ਸਮਾਗਮ ਵਿੱਚ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਅਸ਼ੋਕ ਪਰਾਸ਼ਰ ਪੱਪੀ ਨੇ ਵੀ ਸ਼ਿਰਕਤ ਕੀਤੀ ਅਤੇ ਭਗਵਾਨ ਪਰਸ਼ੂਰਾਮ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।