ਲੁਧਿਆਣਾ : ਯਾਤਰੀਆਂ ਦੀ ਆਵਾਜਾਈ ਨੂੰ ਨਿਰਵਿਘਨ ਤੇ ਸੁਖਾਵਾਂ ਬਣਾਉਣ ਦੇ ਮੰਤਵ ਨਾਲ ਰਾਜ ਸਭਾ ਮੈਂਬਰ ਸ੍ਰੀ ਸੰਜੀਵ ਅਰੋੜਾ ਵੱਲੋਂ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੂੰ ਲੁਧਿਆਣਾ-ਫਿਰੋਜ਼ਪੁਰ ਫੋਰ ਲੇਨ ‘ਤੇ ਐਲੀਵੇਟਿਡ ਰੋਡ ਪ੍ਰੋਜੈਕਟ ਦੇ ਨਾਲ ਸਰਵਿਸ ਲੇਨਾਂ ਦੇ ਸਾਰੇ ਮਲਬੇ ਨੂੰ ਇੱਕ ਹਫ਼ਤੇ ਦੇ ਅੰਦਰ ਹਟਾਉਣ ਦੇ ਨਿਰਦੇਸ਼ ਦਿੱਤੇ। ਐਨ.ਐਚ.ਏ.ਆਈ. ਦੇ ਪ੍ਰੋਜੈਕਟ ਡਾਇਰੈਕਟਰ ਨੇ ਸੰਸਦ ਮੈਂਬਰ ਨੂੰ ਭਰੋਸਾ ਦਿਵਾਇਆ ਕਿ ਇਹ ਕੰਮ ਜੰਗੀ ਪੱਧਰ ‘ਤੇ ਇੱਕ ਹਫ਼ਤੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ।
ਸੰਸਦ ਮੈਂਬਰ ਵੱਲੋਂ ਜ਼ਿਲ੍ਹੇ ਵਿੱਚ ਐਨ.ਐਚ.ਏ.ਆਈ. ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸੜ੍ਹਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਅਧਿਕਾਰੀਆਂ ਨੂੰ ਪ੍ਰੋਜੈਕਟ ਤਹਿਤ ਚੱਲ ਰਹੇ ਕੰਮਾਂ ਦੀ ਗਤੀ ਨੂੰ ਤੇਜ਼ ਕਰਨ ਅਤੇ ਨਿਰਧਾਰਤ ਸਮਾਂ ਸੀਮਾ ਵਿੱਚ ਮੁਕੰਮਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਲੁਧਿਆਣਾ-ਫਿਰੋਜ਼ਪੁਰ ਫੋਰ ਲੇਨ ਹਾਈਵੇਅ ‘ਤੇ ਚੱਲ ਰਹੇ ਐਲੀਵੇਟਿਡ ਰੋਡ ਪ੍ਰੋਜੈਕਟ ਦੇ ਨਾਲ ਆਉਣ-ਜਾਣ ਵਾਲੇ ਯਾਤਰੀਆਂ ਨੂੰ ਪ੍ਰਬੰਧਕੀ ਏਜੰਸੀਆਂ ਦੇ ਲਾਪਰਵਾਹੀ ਵਾਲੇ ਰਵੱਈਏ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ।
ਉਨ੍ਹਾਂ ਕਿਹਾ ਕਿ ਉਹ ਅਗਲੇ ਮਹੀਨੇ 6 ਸਤੰਬਰ ਨੂੰ ਐਨ.ਐਚ.ਏ.ਆਈ. ਦੇ ਚੇਅਰਮੈਨ ਨੂੰ ਮਿਲ ਕੇ ਵੱਖ-ਵੱਖ ਸੜ੍ਹਕੀ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਬਾਰੇ ਵਿਚਾਰ ਵਟਾਂਦਰਾ ਕਰਨਗੇ ਅਤੇ ਜੇਕਰ ਸੰਭਵ ਹੋਇਆ ਤਾਂ ਭਾਰਤ ਨਗਰ ਚੌਕ ਫਲਾਈਓਵਰ ਦੇ ਡਿਜ਼ਾਈਨ ‘ਤੇ ਮੁੜ ਵਿਚਾਰ ਕੀਤਾ ਜਾ ਸਕਦਾ ਹੈ ਜਿਸ ‘ਤੇ ਕੁਝ ਕਾਰੋਬਾਰੀਆਂ ਵੱਲੋਂ ਸ਼ੰਕੇ ਖੜ੍ਹੇ ਕੀਤੇ ਜਾ ਰਹੇ ਹਨ। ਉਨ੍ਹਾਂ ਲੁਧਿਆਣਾ ਵਿੱਚ ਲੰਪੀ ਸਕਿਨ ਬਿਮਾਰੀ ਦੀ ਸਥਿਤੀ ਦਾ ਵੀ ਵਿਸਥਾਰਪੂਰਵਕ ਜਾਇਜ਼ਾ ਲਿਆ ।