ਲੁਧਿਆਣਾ : ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰਾਂ ਏਜੰਸੀਆਂ ਨਾਲ ਰਲੀਆਂ ਹੋਈਆਂ ਹਨ, ਜਿਸ ਕਰਕੇ ਬੇਅਦਬੀਆਂ ਦਾ ਇਨਸਾਫ਼ ਨਹੀਂ ਮਿਲ ਰਿਹਾ। ਇਨਸਾਫ਼ ਨਾ ਮਿਲਣ ਕਰਕੇ ਹੀ ਬੀਤੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਹਿਰਾਸ ਸਾਹਿਬ ਦੇ ਪਾਠ ਸਮੇਂ ਇਕ ਵਿਅਕਤੀ ਵਲੋਂ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਬੇਅਦਬੀ ਕਰਨ ਦੀ ਕੀਤੀ ਗਈ ਨਾਪਾਕ ਕੋਸ਼ਿਸ਼ ਕੀਤੀ ਗਈ ਹੈ।
ਸ. ਬੈਂਸ ਨੇ ਕਿਹਾ ਕਿ ਉਹ ਬੀਤੀ ਰਾਤ ਸ੍ਰੀ ਹਰਿਮੰਦਰ ਸਾਹਿਬ ਤੇ ਅੱਜ ਕਪੂਰਥਲਾ ਵਿਖੇ ਹੋਈ ਘਟਨਾ ਦੀ ਨਿਖੇਧੀ ਕਰਦੇ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਚ ਬੇਅਦਬੀ ਕਰਨ ਦੀ ਕੀਤੀ ਗਈ ਕੋਸ਼ਿਸ਼ ਡੂੰਘੀ ਸਾਜਿਸ਼ ਦਾ ਹਿੱਸਾ ਹੈ, ਜਿਸ ਦੀ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਡੂੰਘਾਈ ਨਾਲ ਜਾਂਚ ਕਰਵਾਉਣੀ ਚਾਹੀਦੀ ਹੈ।
ਵਿਧਾਇਕ ਬੈਂਸ ਨੇ ਕਿਹਾ ਕਿ ਪਹਿਲਾ ਅਕਾਲੀ ਦਲ ਦੇ ਰਾਜ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅੰਗ-ਅੰਗ ਰੂੜੀਆਂ ‘ਤੇ ਰੋਲਿਆ ਗਿਆ ਸੀ ਅਤੇ ਬੇਅਦਬੀ ਦੇ ਦੋਸ਼ੀਆ ਨੂੰ ਸਲਾਖਾਂ ਪਿੱਛੇ ਸੁੱਟਣ ਦਾ ਕਹਿ ਕੇ ਵੋਟਾਂ ਬਟੌਰਨ ਵਾਲੀ ਕਾਂਗਰਸ ਸਰਕਾਰ ਵੀ ਅਜੇ ਤੱਕ ਸਿੱਖ ਸੰਗਤਾਂ ਨੂੰ ਇਨਸਾਫ ਨਹੀਂ ਦੇ ਸਕੀ ਅਤੇ ਹੁਣ ਕਾਂਗਰਸ ਦੇ ਰਾਜ ਵਿਚ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਕੀਤੀ ਗਈ ਬੇਅਦਬੀ ਦੀ ਕੋਸ਼ਿਸ਼ ਨੇ ਦੁਨੀਆਂ ‘ਚ ਵੱਸਦੇ ਪੰਜਾਬੀਆ ਦੇ ਹਿਰਦਿਆਂ ਨੂੰ ਵਲੂਧਰ ਕੇ ਰੱਖ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕਈ ਥਾਵਾਂ ‘ਤੇ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਪਰ ਸਰਕਾਰਾਂ ਨੇ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਬਜਾਏ ਇਸ ਉੱਪਰ ਸਿਆਸਤ ਹੀ ਕੀਤੀ ਹੈ। ਵਿਧਾਇਕ ਬੈਂਸ ਨੇ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਅਜਿਹਾ ਕਰਦੇ ਫੜੇ ਗਏ ਦੋਸ਼ੀਆਂ ਪਿੱਛੇ ਕੰੰਮ ਕਰਦੀਆਂ ਸ਼ਕਤੀਆਂ ਨੂੰ ਬੇਪਰਦਾ ਕਰਨ ‘ਚ ਸਰਕਾਰਾਂ ਨਾਕਾਮ ਸਾਬਿਤ ਹੋਈਆ ਹਨ।