ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਦਾਲਤ ਵਿੱਚ ਸੀਬੀਆਈ ਵੱਲੋਂ ਲਾਏ ਦੋਸ਼ਾਂ ਨੂੰ ਰੱਦ ਕਰ ਦਿੱਤਾ ਹੈ। ਕੇਜਰੀਵਾਲ ਨੇ ਕਿਹਾ ਕਿ ਮੈਂ ਮਨੀਸ਼ ਸਿਸੋਦੀਆ ‘ਤੇ ਦੋਸ਼ ਨਹੀਂ ਲਗਾਏ ਹਨ। ਮੈਂ ਅਤੇ ਸਿਸੋਦੀਆ ਬੇਕਸੂਰ ਹਾਂ। ਮੈਂ ਸਿਸੋਦੀਆ ‘ਤੇ ਦੋਸ਼ ਲਗਾਉਂਦੇ ਹੋਏ ਕੋਈ ਬਿਆਨ ਨਹੀਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਸਾਨੂੰ ਬਦਨਾਮ ਕਰਨਾ ਹੈ।
ਤੁਹਾਨੂੰ ਦੱਸ ਦੇਈਏ ਕਿ ਸੀਬੀਆਈ ਨੇ ਅਦਾਲਤ ਵਿੱਚ ਦਾਅਵਾ ਕੀਤਾ ਹੈ ਕਿ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅਰਵਿੰਦ ਕੇਜਰੀਵਾਲ ਨੇ ਸਾਰਾ ਦੋਸ਼ ਮਨੀਸ਼ ਸਿਸੋਦੀਆ ਉੱਤੇ ਮੜ੍ਹਿਆ ਹੈ। ਸੀਬੀਆਈ ਮੁਤਾਬਕ ਕੇਜਰੀਵਾਲ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਆਬਕਾਰੀ ਨੀਤੀ ਬਾਰੇ ਕੋਈ ਜਾਣਕਾਰੀ ਨਹੀਂ ਸੀ।
ਇਸ ਤੋਂ ਪਹਿਲਾਂ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ 21 ਮਾਰਚ ਨੂੰ ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੀਬੀਆਈ ਨੇ ਅਦਾਲਤ ਵਿੱਚ ਕਿਹਾ ਕਿ ਸਾਨੂੰ ਕੇਜਰੀਵਾਲ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨ ਦੀ ਲੋੜ ਹੈ। ਉਹ ਇਹ ਵੀ ਨਹੀਂ ਦੱਸ ਰਿਹਾ ਕਿ ਵਿਜੇ ਨਾਇਰ ਉਸ ਦੇ ਅਧੀਨ ਕੰਮ ਕਰ ਰਿਹਾ ਸੀ। ਸੀਬੀਆਈ ਮੁਤਾਬਕ ਕੇਜਰੀਵਾਲ ਦਾ ਕਹਿਣਾ ਹੈ ਕਿ ਵਿਜੇ ਨਾਇਰ ਆਤਿਸ਼ੀ ਮਾਰਲੇਨਾ ਅਤੇ ਸੌਰਭ ਭਾਰਦਵਾਜ ਦੇ ਅਧੀਨ ਕੰਮ ਕਰਦੇ ਸਨ।