ਲੁਧਿਆਣਾ : ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮਾਡਲ ਗਰਾਮ ਲੁਧਿਆਣਾ ਵਿਖੇ ਗਰੁੱਪ ਕਮਾਂਡਰ ਬ੍ਰਿਗੇਡੀਅਰ ਜਸਜੀਤ ਘੁੰਮਣ ਤੇ ਵਿੰਗ ਕਮਾਂਡਰ ਬੀ ਐਸ ਗਿੱਲ ਕਮਾਂਡਿੰਗ ਅਫ਼ਸਰ ਨੰਬਰ 4 ਪੰਜਾਬ ਏਅਰ ਸਕੌਡਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ l
ਇਸ ਸਬੰਧੀ ਪਰਮਬੀਰ ਸਿੰਘ ਨੇ ਦੱਸਿਆ ਕਿ ਛੁੱਟੀ ਹੋਣ ਦੇ ਬਾਵਜੂਦ ਵੀ ਸਕੂਲ ਵਿਚ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇੱਕ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕੈਡਿਟਾਂ ਨੂੰ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਥਾਪਰ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਅੱਜ ਦੇ ਦਿਨ ਸਾਲ 1931 ਵਿੱਚ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਅੰਗਰੇਜ਼ੀ ਹਕੂਮਤ ਵੱਲੋਂ ਫਾਂਸੀ ਤੇ ਚੜ੍ਹਾ ਦਿੱਤਾ ਗਿਆ ਸੀ।
ਆਜ਼ਾਦੀ ਦੇ ਸੰਘਰਸ਼ ਵਿਚ ਇਨ੍ਹਾਂ ਤਿੰਨਾਂ ਸ਼ਹੀਦਾਂ ਦੀ ਸ਼ਹਾਦਤ ਅੰਗਰੇਜ਼ੀ ਹਕੂਮਤ ਦੇ ਕਫਨ ਵਿੱਚ ਆਖ਼ਰੀ ਕਿੱਲ ਸਾਬਤ ਹੋਈ। ਪ੍ਰੰਤੂ 15 ਅਗਸਤ 1947 ਵਿਚ ਦੇਸ਼ ਆਜ਼ਾਦ ਹੋਣ ਤੇ ਵੀ ਇਨ੍ਹਾਂ ਨੂੰ ਅਜੇ ਤਕ ਸ਼ਹੀਦਾਂ ਦਾ ਦਰਜਾ ਨਹੀਂ ਦਿੱਤਾ ਗਿਆ । ਕੈਡਿਟਾਂ ਵੱਲੋਂ ਇਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਪ੍ਰਿੰਸੀਪਲ ਕਰਨਜੀਤ ਸਿੰਘ ਨੇ ਦੱਸਿਆ ਕਿ ਸ਼ਹੀਦ ਭਗਤ ਸਿੰਘ ਜਿਨ੍ਹਾਂ ਨੂੰ ਆਪਣਾ ਗੁਰੂ ਮੰਨਦੇ ਸਨ ਉਹ ਸ਼ਹੀਦ ਕਰਤਾਰ ਸਿੰਘ ਸਰਾਭਾ ਇਸ ਸਕੂਲ ਦੇ ਹੀ ਵਿਦਿਆਰਥੀ ਰਹੇ ਹਨ । ਉਨ੍ਹਾਂ ਕੈਡਿਟਾਂ ਨੂੰ ਸ਼ਹੀਦਾਂ ਦੇ ਦੱਸੇ ਹੋਏ ਰਸਤੇ ਉੱਪਰ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਐਨਸੀਸੀ ਕੈਡੇਟ ਦੇਸ਼ ਲਈ ਮਰ ਮਿਟਣ ਲਈ ਹਮੇਸ਼ਾ ਤਿਆਰ ਰਹਿਣਗੇ ਅਤੇ ਸਹੀ ਸਿਖਲਾਈ ਲੈ ਕੇ ਭਾਰਤੀ ਫੌਜ ਵਿੱਚ ਭਰਤੀ ਹੋਣ ਲਈ ਅੱਗੇ ਆਉਣਗੇ।