ਲੁਧਿਆਣਾ : ਹਲਕਾ ਲੁਧਿਆਣਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਅੱਜ ਸਥਾਨਕ ਵਾਰਡ ਨੰਬਰ 87 ਦੇ ਸਰਕਾਰੀ ਖੱਡਿਆਂ ਵਾਲਾ ਸਕੂਲ ਅਤੇ ਚੰਨਣ ਦੇਵੀ ਸਰਕਾਰੀ ਕੰਨਿਆ ਹਾਈ ਸਕੂਲ, ਸਲੇਮ ਟਾਬਰੀ ਦਾ ਵਿਸ਼ੇਸ਼ ਦੌਰਾ ਕੀਤਾ ਅਤੇ ਸਕੂਲ ਦੇ ਨਵੀਨੀਕਰਣ ਸਬੰਧੀ ਚੱਲ ਰਹੇ ਕਾਰਜ਼ਾਂ ਦੀ ਸਮੀਖਿਆ ਕੀਤੀ।
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਕੂਲਾਂ ਦੇ ਨਵੀਨੀਕਰਣ ਸਬੰਧੀ ਅਧਿਕਾਰੀਆਂ ਨਾਲ ਵਿਚਾਰ ਵਟਾਂਦਰੇ ਕਰਦਿਆਂ ਕਿਹਾ ਕਿ ਜਿਹੜੇ ਕੰਮ ਚੱਲ ਰਹੇ ਹਨ ਉਹ ਨਿਰਵਿਘਨ ਨੇਪਰੇ ਚੜ੍ਹਨਗੇ ਅਤੇ ਫੰਡਾਂ ਦੀ ਕੋਈ ਘਾਟ ਨਹੀਂ ਆਉਂਣ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਸਕੂਲੀ ਬੱਚਿਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।
ਵਿਧਾਇਕ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਬੇਹੱਦ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਹ ਠੀਕ ਕਿਹਾ ਜਾਂਦਾ ਹੈ ਕਿ ਵਿੱਦਿਆ ਹੀ ਦੌਲਤ ਹੈ ਜੋ ਹਰ ਦੇਸ਼ ਦੇ ਭਵਿੱਖ ਦਾ ਫੈਸਲਾ ਕਰਦੀ ਹੈ। ਇਸੇ ਕਰਕੇ ਆਮ ਆਦਮੀ ਪਾਰਟੀ ਦੇ ਕੰਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ‘ਤੇ ਚੱਲ ਕੇ ਹੀ ਸਰਕਾਰੀ ਸਕੂਲਾਂ ਦਾ ਮਿਆਰ ਉੱਚਾ ਚੁੱਕਿਆ ਜਾ ਰਿਹਾ ਹੈ ਤਾਂਕਿ ਉਨ੍ਹਾਂ ਦੇ ਹਲਕੇ ਦੇ ਲੋਕ ਹੋਰ ਅਮੀਰ ਬਣ ਸਕਣ।
ਉਨ੍ਹਾਂ ਕਿਹਾ ਕਿ ਚੰਗੀ ਸਿੱਖਿਆ ਦਾ ਕੋਈ ਮੇਲ ਨਹੀਂ ਹੈ ਕਿਉਂਕਿ ਇਹ ਸਾਡੀ ਨੌਜਵਾਨ ਪੀੜ੍ਹੀ ਨੂੰ ਵਧੀਆ ਤਰੀਕਿਆਂ ਨਾਲ ਤਿਆਰ ਕਰਕੇ ਉਨ੍ਹਾਂ ਨੂੰ ਜਾਗਰੂਕ ਅਤੇ ਚੰਗੇ ਨਾਗਰਿਕ ਬਣਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨ ਲਈ ਸਮੂਹਿਕ ਤੌਰ ‘ਤੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਇਹ ਮਨੁੱਖਤਾ ਦੀ ਸਭ ਤੋਂ ਉੱਤਮ ਸੇਵਾ ਹੈ।