ਲੁਧਿਆਣਾ : ਜ਼ਿਲ੍ਹਾ ਲੁਧਿਆਣਾ ਵਿੱਚ ਝੋਨੇ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਗਏ ਹਨ ਤੇ ਕਿਸਾਨਾਂ ਸਮੇਤ ਝੋਨੇ ਦੀ ਖ਼ਰੀਦ ਨਾਲ ਸਬੰਧਤ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਇਸ ਗੱਲ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਵੱਲੋਂ ਸਥਾਨਕ ਗਿੱਲ ਰੋਡ, ਨੇੜੇ ਅਰੋੜਾ ਪੈਲੇਸ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਮੌਕੇ ਕੀਤਾ।
ਵਿਧਾਇਕ ਸਿੱਧੂ ਵੱਲੋਂ ਪੁੱਛੇ ਗਏ ਸੁਆਲ ਦਾ ਜੁਆਬ ਦਿੰਦਿਆਂ ਉਨ੍ਹਾਂ ਕਿਹਾ ਕਿ ਮੇਰਾ ਦਫ਼ਤਰ ਬਿਲਕੁੱਲ ਦਾਣਾ ਮੰਡੀ ਦੇ ਵਿੱਚ ਸਥਿਤ ਹੈ ਅਤੇ ਅੰਨਦਾਤਾ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ‘ਤੇ ਵਰ੍ਹਦਿਆਂ ਕਿਹਾ ਕਿ ਮੰਡੀਆਂ ਵਿੱਚ ਪਾਣੀ, ਲਾਈਟਾਂ, ਬੈਠਣ, ਪਖਾਨਿਆਂ ਸਮੇਤ ਲੋੜੀਂਦੇ ਸਾਰੇ ਪ੍ਰਬੰਧ ਪੁਖਤਾ ਕੀਤੇ ਜਾਣ।
ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਇੱਕ-ਇੱਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਸਾਡਾ ਕਿਸਾਨ ਖੁਸ਼ ਹੈ ਤਾਂ ਭਗਵਾਨ ਵੀ ਖੁਸ਼ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫਸਲ ਦਾ ਸਮਾਂ ਬੱਧ ਢੰਗ ਨਾਲ ਭੁਗਤਾਨ ਕੀਤਾ ਜਾਣਾ ਯਕੀਨੀ ਬਣਾਇਆ ਗਿਆ ਹੈ। ਸਰਕਾਰ ਵੱਲੋਂ ਮੰਡੀਆਂ ਦੀ ਲਗਾਤਾਰ ਮੋਨੀਟਰਿੰਗ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਟ੍ਰਾਂਸਪੋਰਟ, ਭੁਗਤਾਨ, ਬਾਰਦਾਨੇ ਤੇ ਲਿਫਟਿੰਗ ਸਬੰਧੀ ਅੰਨਦਾਤਾ ਨੂੰ ਕੋਈ ਦਿੱਕਤ ਨਾ ਆਵੇ ਅਤੇ ਕਿਸਾਨਾਂ ਦਾ ਸਤਿਕਾਰ ਕੀਤਾ ਜਾਵੇ। ਉਨ੍ਹਾਂ ਕਿਹਾ ਪਿਛਲੀਆਂ ਸਰਕਾਰਾਂ ਵੱਲੋਂ ਕਿਸਾਨਾਂ ਨੂੰ ਅਣਗੋਲਿਆ ਕੀਤਾ ਜਾਂਦਾ ਰਿਹਾ, ਹੁਣ ਉਹ ਬੀਤੇ ਦੀ ਗੱਲ ਹੈ।
ਉਨ੍ਹਾਂ ਦੱਸਿਆ ਕਿ ਸੂਬੇ ਤੋਂ ਬਾਹਰੋਂ ਝੋਨੇ ਦੀ ਆਮਦ ਨਾ ਹੋਵੇ, ਇਸ ਸਬੰਧੀ ਵੀ ਸਖ਼ਤ ਕਦਮ ਚੁੱਕੇ ਗਏ ਹਨ ਜਿਸ ਤਹਿਤ ਸਰਕਾਰ ਵੱਲੋਂ ਨਾਕਾਬੰਦੀ ਕਰਕੇ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਫਸਲ ਦੀ ਖਰੀਦ ਸੁਚਾਰੂ ਢੰਗ ਨਾਲ ਹੋਵੇ ਅਤੇ ਖਰੀਦ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ।