ਲੁਧਿਆਣਾ : ਜ਼ਮੀਨੀ ਪੱਧਰ ਤੇ ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਸੇਵਾਵਾਂ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਮੋਬਾਇਲ ਵੈਨ ਅਤੇ ਮੋਬਾਇਲ ਕਲੀਨਿਕ ਦਾ ਲੋਕਾਂ ਵਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿੱਥੇ ਡਾਕਟਰਾਂ ਵਲੋਂ ਘਰ-ਘਰ ਜਾ ਕੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਮੌਕੇ ‘ਤੇ ਹੀ ਮੁਸ਼ਕਿਲਾਂ ਦਾ ਨਿਪਟਾਰਾ ਵੀ ਕੀਤਾ ਜਾ ਰਿਹਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਵਾਰਡ ਨੰਬਰ 36 ਅਧੀਨ ਚਿਮਨੀ ਰੋਡ ਦਾ ਦੌਰਾ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ, ਜਿਨ੍ਹਾਂ ਵਲੋਂ ਮੌਕੇ ‘ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ।
ਵਿਧਾਇਕ ਸਿੱਧੂ ਨੇ ਦੁਹਰਾਇਆ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ
ਮੋਬਾਇਲ ਵੈਨ ਰਾਹੀਂ ਤੁਰੰਤ ਲੋੜਵੰਦ ਵਿਅਕਤੀ ਤੱਕ ਪਹੁੰਚ ਕੀਤੀ ਜਾਵੇਗੀ ਅਤੇ ਉਨ੍ਹਾਂ ਦੀ ਮੁਸ਼ਕਿਲ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਸਨੀਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ।