Connect with us

ਪੰਜਾਬੀ

ਆੜ੍ਹਤੀਆ ਐਸੋਸ਼ੀਏਸ਼ਨਾਂ ਵੱਲੋਂ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਦਾ ਕੀਤਾ ਸਨਮਾਨ

Published

on

MLA Tarunpreet Singh Saund honored by Arhatiya Associations

ਖੰਨਾ/ਲੁਧਿਆਣਾ : ਹਲਕਾ ਖੰਨਾ ਤੋਂ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਅੱਜ ਵੱਖ-ਵੱਖ ਆੜ੍ਹਤੀਆ ਐਸੋਸ਼ੀਏਸ਼ਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਨੁਮਾਇੰਦਿਆਂ ਵੱਲੋਂ ਪਿਛਲੇ ਸੀਜਨ ਦੌਰਾਨ ਜਿੱਥੇਂ ਆਈਆਂ ਦਰਪੇਸ਼ ਔਕੜਾਂ ਤੋਂ ਜਾਣੂੰ ਕਰਵਾਇਆ ਓਥੇ ਹੀ ਵਿਧਾਇਕ ਸੌਂਦ ਵੱਲੋਂ ਉਨ੍ਹਾਂ ਪਰੇਸ਼ਾਨੀਆਂ ਦਾ ਨਬੇੜਾ ਕਰਨ ਦਾ ਵੀ ਭਰੋਸਾ ਦਿੱਤਾ ਗਿਆ . ਇਸ ਮੌਕੇ ਆੜ੍ਹਤੀਆ ਐਸੋਸ਼ੀਏਸ਼ਨਾਂ ਦੇ ਨੁਮਾਇੰਦਿਆਂ ਵੱਲੋਂ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਨੂੰ ਸਨਮਾਨਿਤ ਵੀ ਕੀਤਾ ਗਿਆ।

ਮੀਟਿੰਗ ਦੌਰਾਨ ਆੜ੍ਹਤੀਆਂ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਵੱਲੋਂ ਵਿਧਾਇਕ ਸੌਂਦ ਨੂੰ ਪਿਛਲੇ ਕਣਕ ਦੇ ਸੀਜਨ ਦੌਰਾਨ ਆਈਆਂ ਮੁਸ਼ਕਿਲਾਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ। ਉਨ੍ਹਾਂ ਵਿਧਾਇਕ ਨੂੰ ਇਹ ਵੀ ਦੱਸਿਆ ਕਿ ਬੀਤੇ ਸੀਜਨ ਮੌਕੇ ਲਿਫਟਿੰਗ ਦੀ ਬਹੁਤ ਵੱਡੀ ਸਮੱਸਿਆ ਰਹੀ ਹੈ ਜਿਸਦੇ ਤਹਿਤ ਆੜ੍ਹਤੀਆਂ ਨੂੰ ਨਿੱਜੀ ਤੌਰ ‘ਤੇ ਟਰੱਕਾਂ ਦਾ ਪ੍ਰਬੰਧ ਕਰਨਾ ਪਿਆ। ਉਨ੍ਹਾ ਵਿਧਾਇਕ ਸ. ਤਰੁਨਪ੍ਰੀਤ ਸਿੰਘ ਸੌਂਦ ਨੂੰ ਅਪੀਲ ਕਰਦਿਆਂ ਕਿਹਾ ਕਿ ਕਣਕ ਦੀ ਨਿਰਵਿਘਨ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇ।

ਵਿਧਾਇਕ ਸੌਂਦ ਵੱਲੋਂ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਭਰ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖਰੀਦ ਅਤੇ ਲਿਫਟਿੰਗ ਦੀ ਪ੍ਰਕਿਰਿਆ ਨੂੰ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਵੀਂ ਬਣੀ ਮਾਣਯੋਗ ਸ. ਭਗਵੰਤ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗੁਵਾਈ ਵਾਲੀ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅੰਨਦਾਤਾ ਨੂੰ ਆਪਣੀ ਫਸਲ ਵੇਚਣ ਲਈ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ ਅਤੇ ਕਿਸੇ ਵੀ ਅਧਿਕਾਰੀ/ਕਰਮਚਾਰੀ ਵੱਲੋਂ ਕੁਤਾਹੀ ਵਰਤਣ ‘ਤੇ ਕਰੜੇ ਹੱਥੀਂ ਨਜਿੱਠਿਆ ਜਾਵੇਗਾ।

ਵਿਧਾਇਕ ਵੱਲੋਂ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਕਿਸਾਨਾਂ ਦੀ ਅਦਾਇਗੀ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪਾਲਿਸੀ ਅਨੁਸਾਰ ਕਿਸਾਨਾਂ ਨੂੰ ਤੁਰੰਤ ਅਦਾਇਗੀ ਅਤੇ ਖਰੀਦ ਦੇ 48 ਘੰਟਿਆਂ ਦੇ ਅੰਦਰ-ਅੰਦਰ ਅਨਾਜ ਦੀ ਲਿਫਟਿੰਗ ਨੂੰ ਹਰ ਹੀਲੇ ਯਕੀਨੀ ਬਣਾਉਣਾ ਹੈ।ਇਸ ਮੌਕੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੋਂ ਇਲਾਵਾ ਫੂਡ ਸਪਲਾਈ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Facebook Comments

Trending