ਲੁਧਿਆਣਾ : ਹਲਕਾ ਆਤਮ ਨਗਰ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਘਰੋ-ਘਰ ਜਾ ਕੇ ਹੱਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ‘ਮੋਬਾਇਲ ਦਫ਼ਤਰ ਵੈਨ’ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਜਿਸਦੇ ਤਹਿਤ ਰਾਮ ਨਗਰ ਦੇ ਵਾਰਡ ਨੰਬਰ 41 ਅਤੇ 50 ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਮੌਕੇ ‘ਤੇ ਹੀ ਨਿਪਟਾਰਾ ਕਰਨ ਲਈ ਵੀ ਕਿਹਾ।
ਵਿਧਾਇਕ ਸ. ਕੁਲਵੰਤ ਸਿੰਘ ਸਿੱਧੂ ਨੇ ਦੱਸਿਆ ਕਿ ਵਾਰਡ ਨੰਬਰ 41 ਅਤੇ 50 ਵਿੱਚ ਮੋਬਾਇਲ ਦਫ਼ਤਰ ਵੈਨ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ, ਜਿਨ੍ਹਾਂ ਵਲੋਂ ਮੌਕੇ ‘ਤੇ ਹੀ ਸਮੱਸਿਆਵਾਂ ਦਾ ਨਿਪਟਾਰਾ ਵੀ ਕੀਤਾ ਗਿਆ।
ਉਨ੍ਹਾਂ ਦੁਹਰਾਇਆ ਕਿ ਜੇਕਰ ਅਸੀਂ ਵੋਟਾਂ ਮੰਗਣ ਲਈ ਲੋਕਾਂ ਦੇ ਘਰ-ਘਰ ਜਾ ਸਕਦੇ ਹਾਂ ਤਾਂ ਉਨ੍ਹਾਂ ਨੂੰ ਮੁੱਢਲੀਆਂ ਸਹੂਲਤਾਂ ਵੀ ਦਰਵਾਜ਼ੇ ਤੱਕ ਪਹੁੰਚਾਈਆਂ ਜਾਣਗੀਆਂ, ਜੋਕਿ ਸਾਡਾ ਫਰਜ਼ ਬਣਦਾ ਹੈ।
ਵਿਧਾਇਕ ਸਿੱਧੂ ਨੇ ਕਿਹਾ ਕਿ ‘ਮੋਬਾਇਲ ਦਫ਼ਤਰ ਵੈਨ’ ਚਲਾਉਣ ਦਾ ਮੁੱਖ ਮੰਤਵ ਇਹ ਹੈ ਕਿ ਜੇਕਰ ਹਲਕਾ ਆਤਮ ਨਗਰ ਦਾ ਕੋਈ ਵੀ ਵਸਨੀਕ ਉਨ੍ਹਾਂ ਦੇ ਦਫ਼ਤਰ ਜਾਂ ਕਿਸੇ ਵੀ ਸਰਕਾਰੀ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੈ ਤਾਂ 24 ਘੰਟੇ ਕਿਸੇ ਵੀ ਸਮੇਂ ਉਨ੍ਹਾਂ ਦੇ ਮੋਬਾਇਲ ਨੰਬਰ 97818-00002 ‘ਤੇ ਆਪਣੀ ਸਮੱਸਿਆ ਦੱਸ ਸਕਦਾ ਹੈ।