ਲੁਧਿਆਣਾ : ਪੰਜਾਬ ਵਿਧਾਨ ਸਭਾ ਚੋਣਾਂ ‘ਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਪਾਰਟੀ ਹਾਈਕਮਾਨ ਨੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਅਸਤੀਫੇ ਦੀ ਮੰਗ ਕੀਤੀ ਸੀ। ਸਿੱਧੂ ਨੇ ਹੁਣ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਪਰ ਪਾਰਟੀ ਦੀ ਵਾਗਡੋਰ ਸੰਭਾਲਣ ਲਈ ਇੱਕ ਵਾਰ ਫਿਰ ਤੋਂ ਜੋੜ ਤੋੜ ਸ਼ੁਰੂ ਕਰ ਦਿੱਤੀ ਹੈ।
ਨਵਜੋਤ ਸਿੰਘ ਸਿੱਧੂ ਅੱਜ ਲੁਧਿਆਣਾ ਵਿਖੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੀ ਰਿਹਾਇਸ਼ ‘ਤੇ ਆਪਣੇ ਸਮਰਥਕਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ 16 ਸਾਬਕਾ ਅਤੇ ਮੌਜੂਦਾ ਵਿਧਾਇਕ ਸ਼ਾਮਲ ਹੋਏ ਹਨ। ਇਸ ਮੀਟਿੰਗ ‘ਚ ਨਵਜੋਤ ਸਿੰਘ ਸਿੱਧੂ ਕਾਂਗਰਸ ਲੀਡਰਸ਼ਿਪ ‘ਚ ਆਪਣਾ ਆਧਾਰ ਲੱਭਣ ਦੀ ਕੋਸ਼ਿਸ਼ ਕਰ ਰਹੇ ਹਨ। ਮੀਟਿੰਗ ਵਿਚ ਸੁਖਪਾਲ ਸਿੰਘ ਖਹਿਰਾ ਵੀ ਮੌਜੂਦ ਹਨ।
ਸੁਖਪਾਲ ਸਿੰਘ ਖਹਿਰਾ ਨੇ ਭੁਲੱਥ ਵਿਧਾਨ ਸਭਾ ਸੀਟ ਤੋਂ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਅਤੇ ਜਿੱਤ ਹਾਸਲ ਕੀਤੀ। ਇਨ੍ਹੀਂ ਦਿਨੀਂ ਸੁਖਪਾਲ ਸਿੰਘ ਖਹਿਰਾ ਨਵਜੋਤ ਸਿੰਘ ਸਿੱਧੂ ਨਾਲ ਦੋਸਤੀ ਵਧਾ ਰਹੇ ਹਨ। ਕੁਝ ਦਿਨ ਪਹਿਲਾਂ ਸਿੱਧੂ ਪੱਖੀ ਆਗੂ ਕਪੂਰਥਲਾ ‘ਚ ਇਕੱਠੇ ਹੋਏ ਸਨ। ਮੀਟਿੰਗ ਵਿਚ ਸੁਖਪਾਲ ਸਿੰਘ ਖਹਿਰਾ ਵੀ ਸ਼ਾਮਲ ਹੋਏ।
ਪੰਜਾਬ ਵਿਧਾਨ ਸਭਾ ਚੋਣਾਂ ‘ਚ ਮਿਲੀ ਕਰਾਰੀ ਹਾਰ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਕੁਝ ਦਿਨਾਂ ਲਈ ਅਲੱਗ-ਥਲੱਗ ਹੋ ਗਏ ਸਨ ਪਰ ਪਿਛਲੇ ਹਫ਼ਤੇ ਤੋਂ ਸਿੱਧੂ ਇੱਕ ਵਾਰ ਫਿਰ ਸਰਗਰਮ ਨਜ਼ਰ ਆ ਰਹੇ ਹਨ। ਸਿੱਧੂ ਕੋਸ਼ਿਸ਼ ਕਰ ਰਹੇ ਹਨ ਕਿ ਹਾਈਕਮਾਨ ਦੁਬਾਰਾ ਸੂਬੇ ਦੀ ਵਾਗਡੋਰ ਉਨ੍ਹਾਂ ਦੇ ਹਵਾਲੇ ਕਰ ਦੇਵੇ। ਉਹ ਇਸ ਦੇ ਲਈ ਤਾਕਤ ਦੇ ਪ੍ਰਦਰਸ਼ਨ ਕਰ ਰਿਹਾ ਹੈ।