ਲੁਧਿਆਣਾ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ 19 ਨਵੰਬਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ (ਪੰਚਾਂ) ਦੇ ਸਹੁੰ ਚੁੱਕ ਸਮਾਗਮ ਦਾ ਜਾਇਜ਼ਾ ਲੈਣ ਲਈ ਸੋਮਵਾਰ ਨੂੰ ਧਨਾਸ ਵਿਖੇ ਸੀਨੀਅਰ ਸਿਵਲ ਅਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਲੋਕਤੰਤਰ ਦੇ ਤਿਉਹਾਰ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕਰ ਲਈਆਂ ਗਈਆਂ ਹਨ। ਪੰਜਾਬ ਦੇ ਮਾਲ ਤੇ ਮੁੜ ਵਸੇਬਾ, ਆਫ਼ਤ ਪ੍ਰਬੰਧਨ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਮੰਗਲਵਾਰ ਨੂੰ ਪਿੰਡ ਧਨਾਸੂ ਦੀ ਸਾਈਕਲ ਵੈਲੀ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ (ਪੰਚਾਂ) ਨੂੰ ਅਹੁਦੇ ਦੀ ਸਹੁੰ ਚੁਕਾਉਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਸਮਾਗਮ ਕਰਵਾਉਣ ਦੀ ਪਹਿਲਕਦਮੀ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੇਗੀ ਕਿਉਂਕਿ ਪੰਚਾਇਤਾਂ ਨੂੰ ‘ਲੋਕਤੰਤਰ ਦੇ ਥੰਮ੍ਹ’ ਵਜੋਂ ਜਾਣਿਆ ਜਾਂਦਾ ਹੈ।ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਜ਼ਿਲ੍ਹਾ ਲੁਧਿਆਣਾ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਜ਼ਿਲ੍ਹੇ ਦੀਆਂ ਨਵੀਆਂ ਚੁਣੀਆਂ ਗਈਆਂ 941 ਗ੍ਰਾਮ ਪੰਚਾਇਤਾਂ ਵਿੱਚੋਂ 6306 ਪੰਚਾਇਤ ਮੈਂਬਰਾਂ (ਪੰਚਾਂ) ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਅਹੁਦੇ ਦੀ ਸਹੁੰ ਚੁਕਾਈ ਜਾਵੇਗੀ।
ਮੀਟਿੰਗ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸਾਰੇ ਚੱਲ ਰਹੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟ੍ਰੈਫਿਕ ਦੇ ਸੁਚਾਰੂ ਪ੍ਰਬੰਧ, ਵਾਹਨਾਂ ਦੀ ਪਾਰਕਿੰਗ ਅਤੇ ਹੋਰ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਦੂਰ-ਦੁਰਾਡੇ ਤੋਂ ਆਉਣ ਵਾਲੇ ਲੋਕ ਸਮਾਗਮ ਵਾਲੀ ਥਾਂ ‘ਤੇ ਆਸਾਨੀ ਨਾਲ ਪਹੁੰਚ ਸਕਣ।