ਲੁਧਿਆਣਾ : ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਉਪ ਮੰਡਲ ਪੱਧਰ ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਅਦਾਲਤਾਂ ਵਿੱਚ ਲੰਬਿਤ ਕੇਸ ਅਤੇ ਪ੍ਰੀ-ਲੀਟੀਗੇਟਿਵ ਕੇਸ ਅਜਿਹੇ ਝਗੜੇ ਜਿਹੜੇ ਅਜੇ ਅਦਾਲਤਾਂ ਵਿੱਚ ਦਾਇਰ ਨਹੀਂ ਕੀਤੇ ਗਏ ਹਨ ਮੁੱਖ ਤੌਰ ਤੇ ਸ਼ਾਮਲ ਸਨ। 
ਕੇਸਾਂ ਦੇ ਨਿਪਟਾਰੇ ਲਈ ਜਿਲ੍ਹਾ ਪੱਧਰ ਤੇ ਕੁੱਲ 27 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ। ਉਪ ਮੰਡਲ ਪੱਧਰਾਂ ਤੇ ਕੁੱਲ 7 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀ ਸਾਹਿਬਾਨ ਵੱਲੋਂ ਕੀਤੀ ਗਈ। ਲੋਕ ਅਦਾਲਤ ਬੈਂਚਾਂ ਦੇ ਸਹਿਯੋਗ ਲਈ ਹਰ ਲੋਕ ਅਦਾਲਤ ਬੈਂਚ ਵਿੱਚ ਇੱਕ ਸੀਨੀਅਰ ਐਡਵੋਕੇਟ ਅਤੇ ਇੱਕ ਉੱਘੇ ਸਮਾਜ ਸੇਵਕ ਨੂੰ ਬਤੌਰ ਮੈਂਬਰ ਨਾਮਜ਼ਦ ਕੀਤਾ ਗਿਆ ਸੀ ।
ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 46,624 ਕੇਸ ਨਿਪਟਾਰੇ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 36,865 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੀਤੇ ਗਏ ਇਸ ਨੈਸ਼ਨਲ ਲੋਕ ਅਦਾਲਤ ਦੇ ਪ੍ਰਚਾਰ ਸਦਕਾ ਇਸ ਨੈਸ਼ਨਲ ਲੋਕ ਅਦਾਲਤ ਦੌਰਾਨ 1,44,38,33,066/- ਰੁਪਏ ਦੇ ਅਵਾਰਡ ਪਾਸ ਕੀਤੇ ਗਏ।