ਚੰਡੀਗੜ੍ਹ: ਸੂਬੇ ਦੇ 454 ਪਿੰਡਾਂ ‘ਚ ਲਾਲ ਲਕੀਰ ਖੇਤਰ ‘ਚ ਪੈਂਦੇ ਮਕਾਨਾਂ ਦੀ ਮਾਲਕੀ ਸਬੰਧਤ ਲੋਕਾਂ ਨੂੰ ਦਿੱਤੀ ਜਾਵੇਗੀ। ਇਸ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ‘ਮੇਰਾ ਘਰ ਮੇਰਾ ਨਾਮ’ ਸਕੀਮ ਤਹਿਤ ਇਹ ਕਦਮ ਚੁੱਕਿਆ ਹੈ। ਇਸ ਸਕੀਮ ਤਹਿਤ ਲਾਲ ਲਕੀਰ ਦੇ ਅੰਦਰ ਆਉਂਦੇ ਮਕਾਨਾਂ ਦੀ ਮਾਲਕੀ ਦੇਣ ਦੀ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 454 ਪਿੰਡਾਂ ‘ਚ ਲਾਲ ਲਕੀਰ ‘ਚ ਪੈਂਦੇ ਮਕਾਨਾਂ ਦੇ ਮਾਲਕੀ ਹੱਕ ਦਿੱਤੇ ਜਾਣੇ ਹਨ।
ਪੰਚਾਇਤ ਵਿਭਾਗ, ਮਾਲ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਮਕਾਨਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਹੱਕ ਦੇਣ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਪੰਚਾਇਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਲ੍ਹਿਆਂ ‘ਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਮਕਾਨਾਂ ਦੀ ਮਾਲਕੀ ਲਈ ਅਰਜ਼ੀਆਂ ਦਿੱਤੀਆਂ ਹਨ।
ਦੱਸ ਦਈਏ ਕਿ ਲਾਲ ਲਕੀਰ ‘ਚ ਪੈਂਦੇ ਘਰਾਂ ‘ਚ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਹੱਕ ਦੇਣ ਦੀ ਪ੍ਰਕਿਰਿਆ ਸਾਬਕਾ ਚਰਨਜੀਤ ਸਿੰਘ ਚੰਨੀ ਸਰਕਾਰ ਦੇ ਸਮੇਂ ਸ਼ੁਰੂ ਹੋਈ ਸੀ। ਜ਼ਿਲ੍ਹਾ ਪੱਧਰ ’ਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਦਾ ਡਾਟਾ ਇਕੱਠਾ ਕਰ ਰਹੇ ਹਨ, ਤਾਂ ਜੋ ਲੋਕਾਂ ਨੂੰ ਮਕਾਨਾਂ ਦੀ ਮਾਲਕੀ ਜਲਦੀ ਤੋਂ ਜਲਦੀ ਦਿੱਤੀ ਜਾ ਸਕੇ।
ਪੰਚਾਇਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਮਕਾਨ ਦੀ ਮਾਲਕੀ ਕਿਸੇ ਨੂੰ ਦੇਣ ਤੋਂ ਪਹਿਲਾਂ ਪੰਚਾਇਤ ਬੁਲਾਈ ਜਾ ਰਹੀ ਹੈ। ਇਸ ਤੋਂ ਬਾਅਦ ਮਾਲ ਦੇ ਰਿਕਾਰਡ ਦੀ ਸਪਾਟਿੰਗ ਅਤੇ ਸਰਵੇ ਕੀਤਾ ਜਾ ਰਿਹਾ ਹੈ। ਸਰਵੇਖਣ ਤੋਂ ਬਾਅਦ ਹਰ ਘਰ ਦਾ ਨਕਸ਼ਾ ਤਿਆਰ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਮਾਲਕੀ ਹੱਕ ਦੇਣ ਤੋਂ ਪਹਿਲਾਂ ਲੋਕਾਂ ਦੇ ਇਤਰਾਜ਼ ਮੰਗੇ ਜਾ ਰਹੇ ਹਨ।
ਅਧਿਕਾਰੀਆਂ ਨੇ ਕਿਹਾ ਕਿ ਲੋਕਾਂ ਨੂੰ 15 ਦਿਨਾਂ ਦੇ ਅੰਦਰ ਆਪਣੇ ਇਤਰਾਜ਼ ਦਰਜ ਕਰਵਾਉਣੇ ਹੋਣਗੇ। ਜੇਕਰ ਕਿਸੇ ਨੂੰ ਮਾਲਕੀ ਹੱਕ ਦੇਣ ‘ਤੇ ਲੋਕਾਂ ਵੱਲੋਂ ਇਤਰਾਜ਼ ਉਠਾਇਆ ਜਾਂਦਾ ਹੈ ਤਾਂ ਪਹਿਲਾਂ ਉਸ ਨੂੰ ਸਾਫ਼ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਹੁੰਦੀ ਹੈ। ਦੂਜੇ ਪਾਸੇ ਸਥਾਨਕ ਪ੍ਰਸ਼ਾਸਨ ਵੱਲੋਂ ਕੋਈ ਇਤਰਾਜ਼ ਨਾ ਮਿਲਣ ’ਤੇ ਮਕਾਨ ਦੀ ਮਾਲਕੀ ਦਾ ਸਰਟੀਫਿਕੇਟ ਜਾਰੀ ਕਰ ਦਿੱਤਾ ਜਾਂਦਾ ਹੈ।