ਲੁਧਿਆਣਾ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਅਗਾਂਹਵਧੂ ਮਧੂ ਮੱਖੀ ਪਾਲਕਾਂ ਦੀ ਐਸੋਸੀਏਸ਼ਨ ਵੱਲੋਂ ਇੱਕ ਵੈਬੀਨਾਰ ਕਰਵਾਇਆ ਗਿਆ । ਇਹ ਵੈਬੀਨਾਰ ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਦੀ ਅਗਵਾਈ ਹੇਠ ਹੋਇਆ ਅਤੇ ਇਸ ਵਿੱਚ 68 ਕਿਸਾਨ ਸ਼ਾਮਿਲ ਹੋਏ ।
ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਨੇ ਮਧੂ ਮੱਖੀ ਪਾਲਕਾਂ ਦੀ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਸਾਂਝੀਆਂ ਕੀਤੀਆਂ । ਉਹਨਾਂ ਕਿਹਾ ਕਿ ਅੱਜ ਦਾ ਯੁੱਗ ਖੇਤੀ ਵਿੱਚ ਸਹਾਇਕ ਧੰਦਿਆਂ ਨੂੰ ਵਧਾਉਣ ਵਾਲਾ ਹੈ ।
ਬਹੁਤ ਸਾਰੇ ਕਿਸਾਨ ਅਤੇ ਕਿਸਾਨ ਬੀਬੀਆਂ ਆਪਣੇ ਪਰਿਵਾਰਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਸ਼ਹਿਦ ਦੇ ਉਤਪਾਦਨ ਅਤੇ ਮੁੱਲ ਵਾਧੇ ਨਾਲ ਜੁੜ ਚੁੱਕੇ ਹਨ । ਉਹਨਾਂ ਪੇਂਡੂ ਨੌਜਵਾਨਾਂ ਨੂੰ ਵਿਸ਼ੇਸ਼ ਤੌਰ ਤੇ ਅਜਿਹੇ ਧੰਦਿਆਂ ਨਾਲ ਜੁੜਨ ਅਤੇ ਸਵੈ ਰੁਜ਼ਗਾਰ ਪੈਦਾ ਕਰਨ ਲਈ ਕਿਹਾ ।
ਕੀਟ ਵਿਗਿਆਨੀ ਡਾ. ਜਸਪਾਲ ਸਿੰਘ ਨੇ ਗਰਮੀ ਦੇ ਮੌਸਮ ਦੌਰਾਨ ਮੱਖੀਆਂ ਦਾ ਧਿਆਨ ਰੱਖਣ ਅਤੇ ਸ਼ਹਿਦ ਦੇ ਉਤਪਾਦਨ ਵਿੱਚ ਵਾਧਾ ਕਰਨ ਦੇ ਗੁਰ ਕਿਸਾਨਾਂ ਨਾਲ ਸਾਂਝੇ ਕੀਤੇ । ਅੰਤ ਵਿੱਚ ਸ੍ਰੀ ਰਵਿੰਦਰ ਭਲੂਰੀਆ ਨੇ ਭਾਗ ਲੈਣ ਵਾਲੇ ਕਿਸਾਨਾਂ ਦਾ ਧੰਨਵਾਦ ਕੀਤਾ ।