ਪਨਬੱਸ-ਪੀ. ਆਰ. ਟੀ. ਸੀ. ਠੇਕਾ ਕਰਮਚਾਰੀ ਯੂਨੀਅਨ ਨੇ 14 ਤੋਂ 16 ਅਗਸਤ ਤਕ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦੇ ਸਬੰਧ ਵਿਚ ਸੂਬਾ ਪੱਧਰੀ ਕਮੇਟੀ ਦੀ ਮੀਟਿੰਗ ਬੁਲਾਈ, ਜਿਸ ਵਿਚ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਗਈ। ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ, ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਦੀ ਹਾਜ਼ਰੀ ਵਿਚ ਹੋਈ ਮੀਟਿੰਗ ਦੌਰਾਨ ਠੇਕੇਦਾਰੀ ਸਿਸਟਮ ਦਾ ਵਿਰੋਧ ਕੀਤਾ ਗਿਆ।
ਜਨਰਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ ਨੇ ਕਿਹਾ ਕਿ 6600 ਦੇ ਲਗਭਗ ਠੇਕਾ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਪੱਕਾ ਕੀਤਾ ਜਾਵੇ ਅਤੇ ਕਰਮਚਾਰੀਆਂ ਦੀ ਡਿਊਟੀ ਸਬੰਧੀ ਕੰਡੀਸ਼ਨਾਂ ਵਿਚ ਸੁਧਾਰ ਕਰ ਕੇ ਅਧਿਕਾਰੀਆਂ ਦੀ ਮਨਮਰਜ਼ੀ ’ਤੇ ਲਗਾਮ ਲਾਈ ਜਾਵੇ। ਉਨ੍ਹਾਂ ਕਿਹਾ ਕਿ ਛੋਟੇ-ਮੋਟੇ ਕੇਸਾਂ ਵਿਚ ਸਸਪੈਂਡ ਹੋਏ 400 ਦੇ ਕਰੀਬ ਕਰਮਚਾਰੀਆਂ ਦੀਆਂ ਲਿਸਟਾਂ ਵਿਭਾਗ ਨੂੰ ਮੁਹੱਈਆ ਕਰਵਾਈ ਗਈ ਸੀ ਅਤੇ ਉਨ੍ਹਾਂ ਨੂੰ ਬਹਾਲ ਕਰਨ ਦੀ ਮੰਗ ਰੱਖੀ ਗਈ ਸੀ, ਜਿਸ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ।
ਪ੍ਰਧਾਨ ਰੇਸ਼ਮ ਸਿੰਘ ਨੇ ਕਿਹਾ ਕਿ ਠੇਕੇਦਾਰ ਨੂੰ ਲਾਭ ਪਹੁੰਚਾਉਣ ਦੇ ਮੰਤਵ ਨਾਲ ਸਰਕਾਰ ਵੱਲੋਂ ਕਿਲੋਮੀਟਰ ਸਕੀਮ ਦੀਆਂ ਬੱਸਾਂ ਪਾਈਆਂ ਜਾ ਰਹੀਆਂ ਹਨ, ਜਿਸ ਨਾਲ ਵਿਭਾਗ ਨੂੰ ਵੱਡਾ ਨੁਕਸਾਨ ਹੋਵੇਗਾ ਅਤੇ ਯਾਤਰੀਆਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿਚ ਕਮੀ ਆਵੇਗੀ। ਗਿੱਲ ਨੇ ਕਿਹਾ ਕਿ ਪੈਂਡਿੰਗ ਮੰਗਾਂ ਨੂੰ ਲੈ ਕੇ 14 ਤੋਂ 16 ਤਕ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਕੇ ਕਰਮਚਾਰੀ ਹੜਤਾਲ ’ਤੇ ਰਹਿਣਗੇ ਅਤੇ 15 ਅਗਸਤ ਨੂੰ ਸੂਬਾ ਪੱਧਰੀ ਪ੍ਰੋਗਰਾਮ ਦੌਰਾਨ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ।