ਲੁਧਿਆਣਾ : ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਲਗਭਗ 198 ਕਿਸਾਨਾਂ ਅਤੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਅੱਜ ਯੂਨੀਵਰਸਿਟੀ ਕੈਂਪਸ ਵਿੱਚ ਦੋ ਰੋਜ਼ਾ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਸੰਮੇਲਨ 2022 ਦੇ ਆਨਲਾਈਨ ਉਦਘਾਟਨੀ ਸਮਾਗਮ ਵਿੱਚ ਸ਼ਿਰਕਤ ਕੀਤੀ। ਜਿਕਰਯੋਗ ਹੈ ਕਿ ਪ੍ਰੋਗਰਾਮ ਦੀ ਸ਼ੁਰੂਆਤ ਭਾਰਤੀ ਖੇਤੀ ਖੋਜ ਸੰਸਥਾਨ ਨਵੀਂ ਦਿੱਲੀ ਵਿਖੇ ਹੋਈ ਹੈ।
ਭਾਰਤ ਦੇ ਕਿਸਾਨਾਂ ਨੂੰ 16,000 ਕਰੋੜ ਰੁਪਏ ਦੀ 12ਵੀਂ ਕਿਸ਼ਤ ਜਾਰੀ ਕਰਦੇ ਹੋਏ ਅਤੇ ਪ੍ਰਧਾਨ ਮੰਤਰੀ ਭਾਰਤੀ ਜਨ ਉਰਵਰਕ ਯੋਜਨਾ “ਇੱਕ ਰਾਸ਼ਟਰ, ਇੱਕ ਖਾਦ” ਯੋਜਨਾ ਦੀ ਸ਼ੁਰੂਆਤ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਬਿਹਤਰੀ ਅਤੇ ਭਲਾਈ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਸਸਤੀ ਅਤੇ ਵਧੀਆ ਮਿਆਰ ਦੀ ਖਾਦ ਮੁਹੱਈਆ ਕਰਵਾਉਣਾ ਸਮੇਂ ਦੀ ਲੋੜ ਹੈ ।
ਪੀਏਯੂ ਦੇ ਸਕਿੱਲ ਡਿਵੈਲਪਮੈਂਟ ਦੇ ਸਹਿਯੋਗੀ ਨਿਰਦੇਸ਼ਕ ਡਾ ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਕਿਸਾਨਾਂ ਅਤੇ ਨੌਜਵਾਨਾਂ ਨੂੰ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ-ਕਿਸਾਨ ਸਕੀਮ ਤਹਿਤ ਦਿੱਤੇ ਜਾ ਰਹੇ ਲਾਭਾਂ ਤੋਂ ਜਾਣੂੰ ਕਰਵਾਉਣਾ ਹੈ। ਜ਼ਿਕਰਯੋਗ ਹੈ ਕਿ ਪੀ.ਏ.ਯੂ. ਦੇ ਖੇਤਰੀ ਖੋਜ ਕੇਂਦਰਾਂ, ਅਤੇ ਕ੍ਰਿਸ਼ੀ ਵਿਗਿਆਨ ਕੇਂਦਰਾਂ ਨੇ ਵੀ ਆਪਣੇ ਨਾਲ ਸੰਬੰਧਤ ਹਜ਼ਾਰਾਂ ਕਿਸਾਨਾਂ ਨੂੰ ਆਨਲਾਈਨ ਇਸ ਸੰਮੇਲਨ ਨਾਲ ਜੋੜਿਆ ।