ਪੰਜਾਬ ਵਿੱਚ PRTC ਅਤੇ ਪਨਬਸ ਮੁਲਾਜ਼ਮ ਸਵੇਰ ਤੋਂ ਹੜਤਾਲ ‘ਤੇ ਸਨ, ਜਿਨ੍ਹਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਦੱਸ ਦਈਏ ਕਿ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਠੇਕਾ ਮੁਲਾਜ਼ਮਾਂ ਦੀਆਂ ਕੁਝ ਮੰਗਾਂ ‘ਤੇ ਹਾਮੀ ਭਰ ਦਿੱਤੀ ਹੈ ਅਤੇ ਕੁਝ ਮੰਗਾਂ ਨੂੰ ਲੈ ਕੇ 29 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਰੱਖੀ ਗਈ ਹੈ। ਭੁੱਲਰ ਨੇ ਠੇਕਾ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਪੰਜ ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇਣ ਦੀ ਵੀ ਗੱਲ ਆਖੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜਿਹੜੇ ਕੰਡਕਟਰਾਂ, ਡਰਾਈਵਰਾਂ ਤੇ ਹੋਰ ਮੁਲਾਜ਼ਮਾਂ ਨੂੰ ਸਸਪੈਂਡ ਕੀਤਾ ਗਿਆ ਹੈ, ਉਨ੍ਹਾਂ ਨੂੰ ਵੀ ਅਗਲੇ 15 ਦਿਨਾਂ ਤੱਕ ਬਹਾਲ ਕਰ ਦਿੱਤਾ ਜਾਵੇਗਾ।
ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦਸਿਆ ਕਿ ਉਨ੍ਹਾਂ ਦੀ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੀਟਿੰਗ ਹੋਈ ਹੈ। ਮੀਟਿੰਗ ਮਗਰੋਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਉਤੇ ਪਹਿਲਾਂ ਹੀ ਕੰਮ ਚੱਲ ਰਿਹਾ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਊਟਸੋਰਸ ਵਾਲੇ ਮੁਲਾਜ਼ਮ ਨੂੰ ਪੱਕੇ ਕਰਨ ਦੀ ਕੋਈ ਤਜ਼ਵੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਬਲੈਕਲਿਸਟ ਹੋਏ ਮੁਲਾਜ਼ਮਾਂ ਨੂੰ ਮੌਕਾ ਦਿਤਾ ਜਾਵੇਗਾ।