ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਹੁਣ ਤੱਕ ਐਨ.ਡੀ.ਪੀ.ਐਸ. ਐਕਟ ਤਹਿਤ 10,394 ਤੋਂ ਵੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ ਅਤੇ 253 ਵੱਡੇ ਮਗਰਮੱਛਾਂ ਸਮੇਤ 14,381 ਤੋਂ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ ਹੁਣ ਤੱਕ 200 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ ਅਤੇ ਇਹ ਗਿਣਤੀ ਲਗਾਤਾਰ ਵਧ ਰਹੀ ਹੈ। ਪੰਜਾਬ ਪੁਲਿਸ ਮੁਖੀ ਗੌਰਵ ਯਾਦਵ ਨੇ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਨਸ਼ਿਆਂ ਦੇ ਮਾਮਲਿਆਂ ਵਿੱਚ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਣ ਦੀਆਂ ਹਦਾਇਤਾਂ ਜਾਰੀ ਕਰਦਿਆਂ ਅਜਿਹੇ ਮਾਮਲਿਆਂ ਵਿੱਚ ਲਾਪਰਵਾਹੀ ਨਾ ਵਰਤਣ ਲਈ ਕਿਹਾ ਹੈ।
ਭਾਵੇਂ ਉਪਰੋਕਤ ਅੰਕੜੇ 10 ਦਿਨ ਪੁਰਾਣੇ ਹਨ ਪਰ ਪੰਜਾਬ ਪੁਲਿਸ ਨੇ ਪਿਛਲੇ 10 ਦਿਨਾਂ ਵਿੱਚ ਕਰੋੜਾਂ ਰੁਪਏ ਦੇ ਨਸ਼ੇ ਫੜੇ ਹਨ। ਸੂਬੇ ਵਿੱਚ ਪੁਲਿਸ ਨੇ 1250 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ। ਸਰਕਾਰ ਦੀ ਸਭ ਤੋਂ ਵੱਡੀ ਕਾਮਯਾਬੀ ਡਰੱਗ ਮਨੀ ਨੂੰ ਜ਼ਬਤ ਕਰਨ ਵਿੱਚ ਮਿਲੀ, ਜਿਸ ਤਹਿਤ 17 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਗਈ ਹੈ। ਸਰਕਾਰ ਵੱਲੋਂ ਦਿਖਾਈ ਗਈ ਸਖ਼ਤੀ ਕਾਰਨ ਨਸ਼ਿਆਂ ਦੀ ਖੁੱਲ੍ਹੇਆਮ ਵਿੱਕਰੀ ‘ਤੇ ਰੋਕ ਲਗਾ ਦਿੱਤੀ ਗਈ ਹੈ। ਹਾਲ ਹੀ ਵਿੱਚ ਮੁੱਖ ਮੰਤਰੀ ਨੇ ਐਂਟੀ ਨਾਰਕੋਟਿਕਸ ਟਾਸਕ ਫੋਰਸ ਦਾ ਗਠਨ ਵੀ ਕੀਤਾ ਸੀ।