ਚੰਡੀਗੜ੍ਹ / ਲੁਧਿਆਣਾ : ਪੰਜਾਬ ਪੁਲਿਸ ਨੇ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ ਲੁਧਿਆਣਾ ਕੋਰਟ ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਨੂੰ ਸੁਲਝਾਉਣ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ (31) ਵਾਸੀ ਖੰਨਾ ਵਜੋਂ ਕੀਤੀ ਗਈ ਹੈ, ਜੋ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਵਜੋਂ ਭਰਤੀ ਹੋਇਆ ਸੀ ਅਤੇ ਉਸ ਦੇ ਕਬਜ਼ੇ `ਚੋਂ 385 ਗ੍ਰਾਮ ਹੈਰੋਇਨ ਬਰਾਮਦ ਹੋਣ ਉਪਰੰਤ ਉਸਨੂੰ ਅਗਸਤ 2019 ਵਿੱਚ ਬਰਖਾਸਤ ਕਰ ਦਿੱਤਾ ਗਿਆ ਸੀ।
ਜਾਣਕਾਰੀ ਮੁਤਾਬਕ ਵੀਰਵਾਰ ਨੂੰ ਲੁਧਿਆਣਾ ਦੇ ਜ਼ਿਲ੍ਹਾ ਕੋਰਟ ਕੰਪਲੈਕਸ ਦੇ ਜਨਤਕ ਪਖਾਨੇ `ਚ ਵੱਡਾ ਧਮਾਕਾ ਹੋਇਆ, ਜਿਸ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ। ਜਦੋਂ ਧਮਾਕਾ ਹੋਇਆ ਤਾਂ ਜ਼ਿਲ੍ਹਾ ਅਦਾਲਤ ਦੀ ਕਾਰਵਾਈ ਆਮ ਵਾਂਗ ਚੱਲ ਰਹੀ ਸੀ ਅਤੇ ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਜਨਤਕ ਪਖ਼ਾਨੇ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਅਤੇ ਇਮਾਰਤ ਦੀਆਂ ਕਈ ਖਿੜਕੀਆਂ ਦੇ ਸ਼ੀਸ਼ੇ ਚਕਨਾਚੂਰ ਹੋ ਗਏ।
ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਦੱਸਿਆ ਕਿ ਪੋਸਟ ਮਾਰਟਮ ਦੌਰਾਨ ਪੁਲਿਸ ਮਰਨ ਵਾਲੇ ਵਿਅਕਤੀ ਦੀ ਸੱਜੀ ਬਾਂਹ `ਤੇ ਬਣੇ ਟੈਟੂ ਦੇ ਨਿਸ਼ਾਨ ਤੋਂ ਮ੍ਰਿਤਕ ਦੀ ਪਛਾਣ ਕਰ ਸਕੀ। ਉਨ੍ਹਾਂ ਕਿਹਾ ਕਿ ਵੱਖਰੇ ਤੌਰ `ਤੇ ਲਾਸ਼ ਦੇ ਡੀਐਨਏ ਨਮੂਨੇ ਵੀ ਲਏ ਗਏ। ਉਨ੍ਹਾਂ ਦੱਸਿਆ ਕਿ ਮੁਲਜ਼ਮ ਗਗਨਦੀਪ ਸਿੰਘ ਥਾਣਾ ਸਦਰ ਖੰਨਾ ਵਿਖੇ ਮੁਨਸ਼ੀ ਵਜੋਂ ਕੰਮ ਕਰਦਾ ਸੀ ਜਿਸ ਦੌਰਾਨ ਉਸ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਅਤੇ ਥਾਣਾ ਐਸ.ਟੀ.ਐਫ, ਐਸ.ਏ.ਐਸ ਨਗਰ ਮੁਹਾਲੀ ਵਿਖੇ ਐਨ.ਡੀ.ਪੀ.ਐਸ. ਤਹਿਤ ਮਾਮਲਾ ਦਰਜ ਕੀਤਾ ਗਿਆ। ਡੀਜੀਪੀ ਨੇ ਦੱਸਿਆ ਕਿ ਇਸ ਕੇਸ `ਤੇ ਸੁਣਵਾਈ ਚੱਲ ਰਹੀ ਹੈ।
ਇਸ ਘਟਨਾ ਪਿੱਛੇ ਪਾਕਿਸਤਾਨ ਅਧਾਰਤ ਖਾਲਿਸਤਾਨ ਪੱਖੀ ਸਬੰਧਾਂ ਬਾਰੇ ਡੀਜੀਪੀ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਪੱਤਰਕਾਰ ਦੇ ਸਵਾਲ ਦਾ ਜਵਾਬ ਦਿੰਦੇ ਹੋਏ ਡੀਜੀਪੀ ਸਿਧਾਰਥ ਚਟੋਪਾਧਿਆਏ ਨੇ ਕਿਹਾ, “ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਗਗਨਦੀਪ ਦੇ ਜੇਲ੍ਹ ਵਿੱਚ ਬੰਦ ਖਾਲਿਸਤਾਨ ਪੱਖੀ ਤੱਤਾਂ ਨਾਲ ਸਬੰਧ ਹੋ ਸਕਦੇ ਹਨ, ਜਿਨ੍ਹਾਂ ਨੇ ਸੂਬੇ ਦੀ ਸ਼ਾਂਤੀ ਭੰਗ ਕਰਨ ਦੇ ਇਰਾਦੇ ਨਾਲ ਅਦਾਲਤੀ ਕੰਪਲੈਕਸ ਨੂੰ ਨਿਸ਼ਾਨਾ ਬਣਾਉਣ ਲਈ ਦੋਸ਼ੀ ਦੀ ਵਰਤੋਂ ਕੀਤੀ।”
ਡੀਜੀਪੀ ਨੇ ਕਿਹਾ ਕਿ ਧਮਾਕੇ ਲਈ ਵਰਤੀ ਗਈ ਸਮੱਗਰੀ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ ਕਿਉਂਕਿ ਨਮੂਨੇ ਫੋਰੈਂਸਿਕ ਲੈਬ ਨੂੰ ਭੇਜੇ ਗਏ ਹਨ। ੳਨ੍ਹਾਂ ਕਿਹਾ, “ਐਨਐਸਜੀ ਦੀ ਇੱਕ ਟੀਮ ਅਤੇ ਸੂਬੇ ਦੇ ਫੋਰੈਂਸਿਕ ਮਾਹਰਾਂ ਨੂੰ ਧਮਾਕੇ ਤੋਂ ਬਾਅਦ ਦੀ ਜਾਂਚ ਕਾਰਵਾਈ ਲਈ ਬੁਲਾਇਆ ਗਿਆ। ਡੀਜੀਪੀ ਨੇ ਅੱਗੇ ਕਿਹਾ, ਧਮਾਕੇ ਵਾਲੀ ਥਾਂ `ਤੇ ਮਲਬੇ ਨੂੰ ਯੋਜਨਾਬੱਧ ਤਰੀਕੇ ਨਾਲ ਹਟਾਉਣ ਦੇ ਦੌਰਾਨ ਫੋਰੈਂਸਿਕ ਟੀਮ ਨੇ ਕੁਝ ਮਹੱਤਵਪੂਰਨ ਸੁਰਾਗ ਜਿਵੇਂ ਕਿ ਨੁਕਸਾਨੇ ਗਏ ਮੋਬਾਈਲ ਸੈੱਟ ਅਤੇ ਮ੍ਰਿਤਕ ਦੇ ਸਰੀਰ `ਤੇ ਸੜੇ ਹੋਏ ਕੱਪੜੇ ਤੋਂ ਇਲਾਵਾ ਹੋਰ ਸਬੂਤ ਇਕੱਠੇ ਕੀਤੇ।