ਜਲੰਧਰ : ਜਲੰਧਰ ਕੈਂਟ ਰੇਲਵੇ ਸਟੇਸ਼ਨ ਵਿਖੇ ਕਿਸਾਨਾਂ ਵੱਲੋਂ ਰੇਲਵੇ ਟਰੈਕ ਜਾਮ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਕੈਂਟ ਰੇਲਵੇ ਸਟੇਸ਼ਨ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪ੍ਰਧਾਨ ਸੁਖਵਿੰਦਰ ਸਿੰਘ ਸਭਰਾਵ ਅਤੇ ਗੁਰਲਾਲ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਧਰਨਾ ਸ਼ੁਰੂ ਕੀਤਾ ਗਿਆ ਹੈ।
ਧਰਨੇ ਦੌਰਾਨ ਕਰੀਬ 125 ਦੇ ਕਰੀਬ ਕਿਸਾਨ ਪਲੇਟਫਾਰਮ ਨੰਬਰ 01 ਅਤੇ 02 ਦੇ ਵਿਚਕਾਰ ਰੇਲਵੇ ਟਰੈਕ ’ਤੇ ਧਰਨੇ ’ਤੇ ਬੈਠ ਗਏ ਹਨ। ਇਹ ਗਿਣਤੀ ਹੋਰ ਵੀ ਵੱਧਣ ਦੀ ਸੰਭਾਵਨਾ ਹੈ, ਉਥੇ ਹੀ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਜਾਵੇ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ, ਡਿਊਟੀ ਮੈਜਿਸਟ੍ਰੇਟ ਅਤੇ ਫਾਇਰ ਬਿ੍ਰਗੇਡ ਨੂੰ ਇਸ ਸਬੰਧੀ ਯੋਗ ਪ੍ਰਬੰਧ ਕਰਨ ਲਈ ਵੀ ਕਿਹਾ ਗਿਆ ਹੈ।
ਇਥੇ ਦੱਸ ਦੇਈਏ ਕਿ ਪੰਜਾਬ ’ਚ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਰੇਲਵੇ ਟਰੈਕ ਜਾਮ ਕੀਤੇ ਜਾ ਰਹੇ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਰਜ਼ ਮੁਆਫ਼ੀ ਅਤੇ ਹੋਰ ਕਈ ਮੰਗਾਂ ਨੂੰ ਲੈ ਕੇ ਸਰਕਾਰ ਦੇ ਵਿਰੁੱਧ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਇਸੇ ਦੇ ਚਲਦਿਆਂ ਯਾਤਰੀਆਂ ਨੂੰ ਸਖ਼ਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।