ਲੁਧਿਆਣਾ : ਕੁਝ ਜ਼ਿਲ੍ਹਿਆਂ ਨੂੰ ਛੱਡ ਕੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅੱਜ ਤੇਜ਼ ਧੁੱਪ ਨਿਕਲੀ। ਇਸ ਕਾਰਨ ਦਿਨ ਦਾ ਤਾਪਮਾਨ ਆਮ ਨਾਲੋਂ ਚਾਰ ਤੋਂ ਛੇ ਡਿਗਰੀ ਵੱਧ ਰਿਹਾ। ਅੰਮ੍ਰਿਤਸਰ, ਨਵਾਂਸ਼ਹਿਰ, ਗੁਰਦਾਸਪੁਰ, ਜਲੰਧਰ ਅਤੇ ਹੁਸ਼ਿਆਰਪੁਰ ਵਿੱਚ ਦਿਨ ਦਾ ਤਾਪਮਾਨ 17 ਡਿਗਰੀ ਰਿਹਾ। ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਮੁਤਾਬਕ ਉੱਤਰੀ ਪੰਜਾਬ ਨੂੰ ਛੱਡ ਕੇ ਬਾਕੀ ਸਾਰੇ ਹਿੱਸਿਆਂ ਵਿੱਚ 30 ਦਸੰਬਰ ਤੱਕ ਦਿਨ ਵੇਲੇ ਧੁੱਪ ਰਹੇਗੀ।
ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ 31 ਦਸੰਬਰ ਤੋਂ ਪੰਜਾਬ ‘ਚ ਸੀਤ ਲਹਿਰ ਤੇਜ਼ ਹੋ ਜਾਵੇਗੀ ਅਤੇ ਸੰਘਣੀ ਧੁੰਦ ਛਾਈ ਰਹੇਗੀ। 3 ਜਨਵਰੀ ਤੱਕ ਮੌਸਮ ਅਜਿਹਾ ਹੀ ਰਹੇਗਾ। ਸੰਘਣੀ ਧੁੰਦ ਅਤੇ ਸੀਤ ਲਹਿਰ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕੀਤਾ ਹੈ। ਵਿਜ਼ੀਬਿਲਟੀ ਬਹੁਤ ਘੱਟ ਹੋਵੇਗੀ।