Connect with us

ਪੰਜਾਬ ਨਿਊਜ਼

ਨਕੋਦਰ ‘ਚ ਬੇਅਦਬੀ ਦੀ ਘਟਨਾ, ਮੌਕੇ ‘ਤੇ ਪਹੁੰਚੀ ਪੁਲਿਸ

Published

on

ਨਕੋਦਰ : ਨਕੋਦਰ ਬਾਈਪਾਸ ਸ਼ੰਕਰ ਰੋਡ ਨਹਿਰ ਦੇ ਪੁਲ ’ਤੇ ਗੁਟਕਾ ਸਾਹਿਬ, ਧਾਰਮਿਕ ਗ੍ਰੰਥਾਂ ਅਤੇ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਦੀ ਬੇਅਦਬੀ ਕਾਰਨ ਸਿੱਖ ਕੌਮ ਦੇ ਮਨਾਂ ਵਿੱਚ ਭਾਰੀ ਰੋਸ ਹੈ। ਇਸ ਦੌਰਾਨ ਬੇਅਦਬੀ ਦੀ ਸੂਚਨਾ ਮਿਲਦੇ ਹੀ ਡੀ.ਐਸ.ਪੀ. ਨਕੋਦਰ ਸੁਖਪਾਲ ਸਿੰਘ ਅਤੇ ਸਿਟੀ ਥਾਣਾ ਇੰਚਾਰਜ ਇੰਸਪੈਕਟਰ ਅਮਨ ਸੈਣੀ ਪੁਲੀਸ ਟੀਮ ਮੌਕੇ ’ਤੇ ਪੁੱਜੀ।ਇਸ ਘਟਨਾ ਦੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਦਾ ਭਰੋਸਾ ਦੇ ਕੇ ਗੁੱਸੇ ਵਿੱਚ ਆਏ ਸਿੱਖ ਭਾਈਚਾਰੇ ਨੂੰ ਸ਼ਾਂਤ ਕੀਤਾ ਗਿਆ। ਸ਼ਹਿਰ ਵਿੱਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਿੱਖ ਭਾਈਚਾਰਾ ਸਥਾਨਕ ਗੁਰਦੁਆਰਾ ਸ੍ਰੀ ਸਿੰਘ ਸਭਾ ਵਿਖੇ ਇਕੱਠਾ ਹੋਇਆ। ਘਟਨਾ ਦੀ ਸੂਚਨਾ ਮਿਲਦੇ ਹੀ ਸਾਬਕਾ ਵਿਧਾਇਕ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਆਪਣੇ ਸਾਥੀਆਂ ਸਮੇਤ ਮੌਕੇ ‘ਤੇ ਪਹੁੰਚ ਗਏ।

ਸਿੱਖ ਨੌਜਵਾਨ ਬਲਜਿੰਦਰ ਸਿੰਘ ਵਾਸੀ ਮੁਹੱਲਾ ਪ੍ਰੀਤ ਨਗਰ, ਨਕੋਦਰ ਜੋ ਕਿ ਕਿਸੇ ਕੰਮ ਲਈ ਸ਼ੰਕਰ ਰੋਡ ਤੋਂ ਲੰਘ ਰਿਹਾ ਸੀ, ਨੇ ਨਹਿਰ ਦੇ ਪੁਲ ਨੇੜੇ ਗੁਟਕਾ ਸਾਹਿਬ, ਧਾਰਮਿਕ ਗ੍ਰੰਥ ਅਤੇ ਹਿੰਦੂ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਦੀ ਬੇਅਦਬੀ ਕਰਦਿਆਂ ਦੇਖਿਆ।ਉਸ ਨੇ ਤੁਰੰਤ ਉਕਤ ਧਾਰਮਿਕ ਗੁਟਕਾ ਸਾਹਿਬ, ਹੋਰ ਧਾਰਮਿਕ ਗ੍ਰੰਥ ਅਤੇ ਹਿੰਦੂ ਦੇਵੀ-ਦੇਵਤਿਆਂ ਦੀਆਂ ਤਸਵੀਰਾਂ ਕਬਜ਼ੇ ਵਿਚ ਲੈ ਲਈਆਂ ਅਤੇ ਆਪਣੇ ਹੋਰ ਸਾਥੀਆਂ ਸਮੇਤ ਮੌਕੇ ‘ਤੇ ਹੀ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।

ਡੀ.ਐਸ.ਪੀ. ਸੁਖਪਾਲ ਸਿੰਘ ਅਤੇ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਅਮਨ ਸੈਣੀ ਨੇ ਮੌਕੇ ’ਤੇ ਪਹੁੰਚ ਕੇ ਉਕਤ ਧਾਰਮਿਕ ਗੁਟਕਾ ਸਾਹਿਬ, ਹੋਰ ਧਾਰਮਿਕ ਗ੍ਰੰਥ ਅਤੇ ਹਿੰਦੂ ਦੇਵੀ ਦੇਵਤਿਆਂ ਦੀਆਂ ਤਸਵੀਰਾਂ ਸਤਿਕਾਰ ਸਹਿਤ ਸਥਾਨਕ ਗੁਰਦੁਆਰਾ ਸਿੰਘ ਸਭਾ ਕਮੇਟੀ ਨੂੰ ਸੌਂਪੀਆਂ।ਮੌਕੇ ‘ਤੇ ਪਹੁੰਚੇ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਸ ਘਿਨਾਉਣੀ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ |ਡੀ.ਐਸ.ਪੀ. ਸੁਖਪਾਲ ਸਿੰਘ ਅਤੇ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਅਮਨ ਸੈਣੀ ਨਾਲ ਸੰਪਰਕ ਕਰਨ ’ਤੇ ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Facebook Comments

Trending