ਲੁਧਿਆਣਾ : ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੀ ਇਕ ਔਰਤ ਨੂੰ ਅਦਾਲਤ ਨੇ 5 ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਟੀ. ਐੱਫ. ਦੇ ਇੰਚਾਰਜ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਚਾਰ ਸਾਲ ਪਹਿਲਾਂ ਫੋਕਲ ਪੁਆਇੰਟ ਨੇੜੇ ਲਖਵਿੰਦਰ ਕੌਰ ਉਰਫ ਲੱਖੋ ਪਤਨੀ ਸੁਰਿੰਦਰ ਸਿੰਘ ਵਾਸੀ ਪਿੰਡ ਬਲੀਪੁਰ ਨੂੰ ਗਿ੍ਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ ਅੱਧਾ ਕਿੱਲੋ ਹੈਰੋਇਨ ਬਰਾਮਦ ਕੀਤੀ ਸੀ।
ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਉਕਤ ਔਰਤ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ‘ਚ ਇਹ ਹੈਰੋਇਨ ਸਪਲਾਈ ਕਰਦੀ ਸੀ। ਐੱਸ. ਟੀ. ਐੱਫ. ਵਲੋਂ ਉਕਤ ਔਰਤ ਖ਼ਿਲਾਫ਼ ਅਦਾਲਤ ਵਿਚ ਚਾਲਾਨ ਪੇਸ਼ ਕੀਤਾ ਗਿਆ ਸੀ। ਮਾਣਯੋਗ ਜੱਜ ਬਿਸ਼ਨ ਸਰੂਪ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਦੋਸ਼ੀ ਔਰਤ ਨੂੰ 5 ਸਾਲ ਕੈਦ ਦੀ ਸਜ਼ਾ ਅਤੇ 20 ਹਜ਼ਾਰ ਰੁਪਏ ਜੁਰਮਾਨਾ ਅਦਾ ਕਰਨ ਦੇ ਹੁਕਮ ਦਿੱਤੇ ਹਨ।